5 Dariya News

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੱਤਵੀਂ ਯਾਤਰੀ ਬੱਸ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਧਾਰਮਿਕ ਸਥਾਨਾਂ ਲਈ ਕੀਤਾ ਰਵਾਨਾ

5 Dariya News

ਫਿਰੋਜ਼ਪੁਰ 24-Feb-2024

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਨੰ 2 ਤੋਂ ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਸੰਗਤਾਂ ਦੀ ਸੱਤਵੀਂ ਬੱਸ ਨੂੰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਲਕੇ ਵਿਚੋਂ  ਛੇ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀਆਂ ਗਈਆਂ ਸਨ।

ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਲਈ ਪੰਜਾਬ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਅਮਰਿੰਦਰ ਸਿੰਘ, ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਪ੍ਰਵੀਨ ਮੰਗਲ, ਗੋਪਾਲ ਗੁਪਤਾ, ਗੁਰਭੇਜ ਸਿੰਘ, ਸੋਨੂ, ਮਨਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।