5 Dariya News

ਕਿਸਾਨ ਕੌਮੀ ਬਾਗਬਾਨੀ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ:- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ

5 Dariya News

ਨਵਾਂਸ਼ਹਿਰ 06-Mar-2024

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਗਬਾਨੀ ਮਿਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨ ਕੌਮੀ ਬਾਗਬਾਨੀ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਖੇਤਾਂ ਦੀ ਪੈਦਾਵਾਰ ਜਿਵੇਂ ਕਿ ਫਲ, ਸਬਜ਼ੀਆਂ, ਖੁੰਬਾਂ ਅਤੇ ਸ਼ਹਿਦ ਆਦਿ ਦੀ ਵਧੀਆਂ ਪੈਕਿੰਗ ਕਰਕੇ ਘਰੇਲੂ ਖਪਤਕਾਰਾ ਤੱਕ ਪਹੁੰਚ ਕਰਨ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਨੂੰ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ(ਜ) ਨੇ ਪੰਜਾਬ ਐਗਰੋ ਵਿਭਾਗ ਦੇ ਅਧਿਕਾਰੀ ਨੂੰ ਮੰਡੀਕਰਨ ਬਾਰੇ ਕਿਸਾਨਾਂ ਨਾਲ ਰਾਬਤਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕੈਂਪ ਲਗਾ ਕੇ ਬਾਗਬਾਨਾਂ ਨੂੰ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਡਾ.ਦਲਜੀਤ ਸਿੰਘ ਗਿੱਲ ਸਹਾਇਕ ਡਾਇਰੈਕਟਰ ਬਾਗਬਾਨੀ, ਸ਼ਹੀਦ ਭਗਤ ਸਿੰਘ ਨਗਰ ਨੇ ਸਾਲ 2023-24 ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਸਮੂਹ ਹਾਜ਼ਰ ਅਧਿਕਾਰੀਆਂ ਅਤੇ ਕਿਸਾਨਾਂ ਦੀ ਸਹਿਮਤੀ ਨਾਲ ਸਾਲ 2024-25 ਦੀ ਸਲਾਨਾ ਐਕਸ਼ਨ ਪਲਾਨ ਦੀ ਪ੍ਰਪੋਜ਼ਲ ਪ੍ਰਵਾਨ ਕਰਵਾਈ ਗਈ। ਕਿਸਾਨਾਂ ਨੂੰ ਕੌਮੀ ਬਾਗਬਾਨੀ ਮਿਸ਼ਨ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਨਵੇਂ ਬਾਗ , ਹਾਈਬ੍ਰਿਡ ਸਬਜ਼ੀਆਂ, ਮਸ਼ੀਨਰੀਕਰਨ, ਪੈਕ ਹਾਊਸ, ਵਰਮੀ ਕੰਪੋਸਟ ਯੂਨਿਟ, ਲੋ ਟੰਨਲ ਅਤੇ ਮਲਚਿੰਗ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਨਾਬਾਰਡ , ਪੰਜਾਬ ਐਗਰੋ, ਜ਼ਿਲ੍ਹਾਂ ਮੰਡੀ ਬੋਰਡ, ਮਾਰਕਫੈੱਡ ਅਤੇ ਕੇ.ਵੀ.ਕੇ. ਤੋਂ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਸੇਖੋਂ, ਪ੍ਰਕਾਸ਼ ਰਾਮ, ਅਮਰਜੀਤ ਸਿੰਘ ਨੇ ਭਾਗ ਲਿਆ।