5 Dariya News

ਸਦਰਨ ਡਿਸਟਰੀਬਿਊਟਰੀ ਦੀ ਕਬੂਲ ਸ਼ਾਹ ਮਾਈਨਰ ਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ ਉਦਘਾਟਨ

25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸਦਰਨ ਡਿਸਟਰੀਬਿਊਟਰੀ

5 Dariya News

ਫਾਜ਼ਿਲਕਾ 10-Mar-2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਦੇ ਉਦੇਸ਼ ਨਾਲ ਲਗਾਤਾਰ ਨਹਿਰੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ 25 ਕਰੋੜ ਰੁਪਏ ਦੀ ਲਾਗਤ ਨਾਲ ਸਦਰਨ ਡਿਸਟਰੀਬਿਊਟਰੀ ਨੂੰ ਕੰਕਰੀਟ ਲਾਈਨਿੰਗ ਰਾਹੀਂ ਪੱਕਾ ਕੀਤਾ ਜਾ ਚੁੱਕਾ ਹੈ। 

ਇਸ ਦੀ ਕਬੂਲ ਸ਼ਾਹ ਮਾਈਨਰ ਦਾ ਅੱਜ ਉਦਘਾਟਨ ਕਰਦਿਆਂ ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ। ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਹੱਦੀ ਇਲਾਕੇ ਨੂੰ ਸਦਰਨ ਡਿਸਟਰੀਬਿਊਟਰੀ ਵਿੱਚੋਂ ਨਿਕਲਦੀਆਂ ਨਹਿਰਾਂ ਰਾਹੀਂ ਪਾਣੀ ਦੀ ਸਪਲਾਈ ਹੁੰਦੀ ਹੈ। 

ਇਹ ਨਹਿਰ ਬਹੁਤ ਸਮੇਂ ਤੋਂ ਟੁੱਟ ਚੁੱਕੀ ਸੀ ਅਤੇ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨੂੰ ਕੰਕਰੀਟ ਲਾਈਨਿੰਗ ਦੁਆਰਾ ਨਵੇਂ ਸਿਰੇ ਤੋਂ ਬਣਾਇਆ ਹੈ। ਇਸ ਦੀ ਮੇਨ ਲਾਈਨ ਬਣ ਕੇ ਤਿਆਰ ਹੋ ਗਈ ਹੈ ਅਤੇ ਇਸ ਵਿੱਚੋਂ ਨਿਕਲਣ ਵਾਲੀਆਂ ਛੋਟੀਆਂ ਨਹਿਰਾਂ ਨੂੰ ਵੀ 17 ਕਰੋੜ ਰੁਪਏ ਦੇ ਹੋਰ ਪ੍ਰੋਜੈਕਟ ਨਾਲ ਇਸੇ ਸਾਲ ਪੱਕਾ ਕੀਤਾ ਜਾ ਰਿਹਾ ਹੈ। 

ਉਹਨਾਂ ਨੇ ਕਿਹਾ ਕਿ ਜਦ ਇਹ ਪੂਰਾ ਪ੍ਰੋਜੈਕਟ ਮੁਕੰਮਲ ਹੋ ਜਾਏਗਾ ਤਾਂ ਹਰੇਕ ਨਹਿਰ ਵੀ ਟੇਲ ਤੱਕ ਕਿਸਾਨਾਂ ਨੂੰ ਪੂਰਾ ਪਾਣੀ ਪਹੁੰਚੇਗਾ। ਵਿਧਾਇਕ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਲਈ ਕਿਸਾਨ ਪ੍ਰਮੁੱਖ ਤਰਜੀਹ ਹਨ ਅਤੇ ਇਸੇ ਲਈ ਲਗਾਤਾਰ ਨਹਿਰੀ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਕਿਸਾਨਾਂ ਨੂੰ ਖੇਤਾਂ ਲਈ ਨਹਿਰੀ ਪਾਣੀ ਮੁਹਈਆ ਕਰਵਾਇਆ ਜਾ ਸਕੇ।