5 Dariya News

ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ- ਜ਼ਿਲ੍ਹਾ ਚੋਣ ਅਫ਼ਸਰ

ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ

5 Dariya News

ਮਾਨਸਾ 18-Mar-2024

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਨਿਯੁਕਤ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਕਰ ਸਕੇ। ਉਨ੍ਹਾਂ ਪੀ.ਡਬਲਯੂ.ਡੀ. ਵੋਟਰਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਵਹੀਲ ਚੇਅਰ ਆਦਿ ਦੇ ਪਹਿਲਾਂ ਤੋਂ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਵੱਖ ਵੱਖ ਟੀਮਾਂ ਵਿਚ ਨਿਯੁਕਤ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਨੇ ਸਮੂਹ ਨੋਡਲ ਅਧਿਕਾਰੀਆਂ ਨੂੰ ਵੱਖ ਵੱਖ ਟੀਮਾਂ ਵਿਚ ਲਗਾਏ ਅਮਲੇ ਨੂੰ ਵਿਸਥਾਰ ਸਹਿਤ ਸਿਖਲਾਈ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਚੋਣਾਂ ਦੇ ਕੰਮ ਨੂੰ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹਾਇਆ ਜਾ ਸਕੇ। 

ਉਨ੍ਹਾਂ ਈ.ਵੀ.ਐਮ. ਮੈਨੇਜ਼ਮੈਂਟ, ਮਾਡਲ ਕੋਡ ਆਫ ਕੰਡਕਟ, ਸ਼ਿਕਾਇਤ ਸੈੱਲ, ਸਟੈਟਿਕ ਸਰਵੇਲੈਂਸ ਨਾਕਿਆਂ, ਮਟੀਰੀਅਲ ਮੈਨੇਜ਼ਮੈਂਟ, ਸੀ ਵਿਜ਼ਲ ਐਪ, ਡਰੱਗ ਕੰਟਰੋਲ ਲਈ ਨਿਯੁਕਤ ਟੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਐਸ.ਪੀ. ਜਸਕੀਰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।