5 Dariya News

ਜ਼ਿਲ੍ਹਾ ਚੋਣ ਅਧਿਕਾਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ 'ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ - ਜ਼ਿਲ੍ਹਾ ਚੋਣ ਅਧਿਕਾਰੀ

5 Dariya News

ਨਵਾਂ ਸ਼ਹਿਰ 18-Mar-2024

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ ਦੇਣ। ਜ਼ਿਲ੍ਹਾ ਚੋਣ ਅਧਿਕਾਰੀ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ  ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਚੋਣਾਂ ਦੇ ਐਲਾਨ ਤੋਂ ਬਾਅਦ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰੀਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਮ ਜਨਤਾ, ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਬਣਾਉਣ ਲਈ ਸਮੁੱਚੇ ਜ਼ਿਲ੍ਹੇ ਵਿਚ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨਰ ਵੱਲੋਂ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਜਿਸ ਤੋਂ ਬਾਅਦ 14 ਮਈ ਤੱਕ ਨਾਮਜ਼ਦਗੀ ਦਾਇਰ ਕਰਨ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ-ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਮਿਤੀ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 

ਉਨ੍ਹਾਂ ਕਿਹਾ ਕਿ 6 ਜੂਨ 2024 ਤੱਕ ਚੋਣ ਅਮਲ ਮੁਕੰਮਲ ਹੋ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਅਤੇ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਦੀਆਂ ਦੀਆਂ ਹਦਾਇਤਾਂ ਅਨੁਸਾਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੋਲਿੰਗ ਲੋਕੇਸ਼ਨਾਂ ਤੇ ਮਾਈਕਰੋ ਅਬਜ਼ਰਵਰਾਂ ਦੀ ਨਿਯੁਕਤੀ ਵੱਖਰੇ ਤੌਰ ਤੇ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ  ਚੋਣਾਂ ਨੂੰ ਯਕੀਨੀ ਬਣਾਉਣ ਲਈ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਵਿਸ਼ੇਸ਼ ਤੌਰ ਤੇ ਸ਼ਨਾਖ਼ਤ ਕਰਵਾਈ ਗਈ ਹੈ। 

ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਇਹਨਾਂ ਪੋਲਿੰਗ ਸਟੇਸ਼ਨਾਂ ਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਨਾਲ ਪੈਰਾ ਮਿਲਟਰੀ ਫੋਰਸ ਵੀ ਤੈਨਾਤ ਕੀਤੀ ਜਾਵੇਗੀ ਅਤੇ ਵੈੱਬ ਕਾਸਟਿੰਗ ਵੀ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦਿੱਤੀਆਂ ਜਾਣੀਆਂ ਹਨ। 

ਪਰਮੀਸ਼ਨਾਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪੱਧਰ ਪੱਧਰ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕੀਤਾ ਗਿਆ ਹੈ। ਇਹ ਟੀਮ ਉਮੀਦਵਾਰ/ਬਿਨੈਕਾਰ ਨੂੰ ਪਰਮੀਸ਼ਨ ਦੇਣ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਉਣਗੇ ਅਤੇ ਸਿੰਗਲ ਵਿੰਡੋ ਰਾਹੀਂ ਪਰਮੀਸ਼ਨ ਜਾਰੀ ਕਰਵਾਉਣਗੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਇਸ ਵਾਰ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖ਼ਰਚੇ ਦੀ ਹੱਦ 70 ਲੱਖ ਤੋਂ ਵਧਾ ਕੇ 95 ਲੱਖ  ਰੁਪਏ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਉਮੀਦਵਾਰ ਵੱਲੋਂ ਆਪਣੇ ਸਾਰੇ ਚੋਣ ਖ਼ਰਚੇ ਨੂੰ ਖ਼ਰਚਾ ਰਜਿਸਟਰ ਵਿੱਚ ਦਰਜ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਚੋਣ ਦਫ਼ਤਰ ਵੱਲੋਂ ਵੀ ਉਮੀਦਵਾਰ ਦੇ ਕਰਚੇ ਦਾ ਹਿਸਾਬ ਰੱਖਣ ਲਈ ਸ਼ੈਡੋ ਖ਼ਰਚਾ ਰਜਿਸਟਰ ਲਗਾਇਆ ਜਾਵੇਗਾ। ਉਨ੍ਹਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅਸਲਾ ਸਬੰਧਿਤ ਥਾਣੇ, ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾ ਦੇਣ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਚੋਣ ਹਲਕਿਆਂ ਵਿਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ।   ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੀ-ਵਿਜਲ ਐਪ ਉੱਪਰ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜਦੋਂ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਕੋਈ ਵੀ ਸ਼ਿਕਾਇਤ ਪ੍ਰਾਪਤ ਹੋਵੇਗੀ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ।