5 Dariya News

ਲੋਕ ਸਭਾ ਚੋਣਾਂ 2024 : ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਵੱਲੋਂ ਐਮ. ਸੀ. ਐਮ. ਸੀ, ਸੀ. ਵਿਜਿਲ, ਸ਼ਿਕਾਇਤ ਕੇਂਦਰ ਦਾ ਦੌਰੇ

ਚੋਣ ਗਤੀਵਿਧੀਆਂ ਉੱਤੇ ਰੱਖੀ ਜਾ ਰਹੀ ਹੈ ਪੈਨੀ ਨਜ਼ਰ

5 Dariya News

ਬਰਨਾਲਾ 26-Mar-2024

ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵੱਲੋਂ ਚੋਣ ਜ਼ਾਬਤਾ ਲੱਗਣ ਉਪਰੰਤ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾਂ ਅੱਜ ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਮੀਡੀਆ ਮੋਨੀਟਰਿੰਗ ਅਤੇ ਮੀਡੀਆ ਸਰਟੀਫਿਕੇਸ਼ਨ ਟੀਮ ਅਤੇ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਮੋਨੀਟਰਿੰਗ ਟੀਮ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕੀਤਾ। 

ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ - ਕਮ - ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪ੍ਰਿਤਾ ਜੌਹਲ ਵੀ ਹਾਜ਼ਰ ਸਨ।

ਇਸ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਚੇਅਰਮੈਨ ਵਜੋਂ, ਸ. ਸਤਵੰਤ ਸਿੰਘ ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਵਾਇਸ ਚੇਅਰਮੈਨ ਵਜੋਂ, ਮੇਘਾ ਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੈਂਬਰ ਸਕੱਤਰ ਵਜੋਂ ਅਤੇ ਜੋਨੀ ਜ਼ਿਲ੍ਹਾ ਸੂਚਨਾ ਅਫ਼ਸਰ ਨੂੰ ਸੋਸ਼ਲ ਮੀਡੀਆ ਮਾਹਿਰ , ਐਸ.ਡੀ. ਕਾਲਜ ਦੇ ਪੱਤਰਕਾਰਤਾ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਪ੍ਰਵੇਸ਼ ਅਤੇ ਲਖਵੀਰ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। 

ਇਸ ਤੋਂ ਇਲਾਵਾ 20 ਕਰਮਚਾਰੀਆਂ ਨੂੰ ਵੱਖ - ਵੱਖ ਨਿਊਜ ਚੈਨਲਾਂ, ਸ਼ੋ਼ਸ਼ਲ ਮੀਡੀਆ ਉੱਪਰ ਪ੍ਰਚਾਰ 'ਤੇ ਨਿਗਰਾਨੀ ਲਈ ਵੀ ਤਾਇਨਾਤ ਕੀਤਾ ਗਿਆ ਹੈ। ਇਸ ਸੈਲ ਵੱਲੋਂ ਚੋਣ ਜ਼ਾਬਤਾ ਲੱਗਣ ਉਪਰੰਤ ਤੁਰੰਤ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸ਼ਾਮਿਲ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿੱਚ ਨਸ਼ਰ ਹੋਣ ਵਾਲੀਆਂ ਖ਼ਬਰਾਂ ਦੀ ਨਜ਼ਰਸਾਨੀ ਕੀਤੀ ਜਾਵੇਗੀ। 

ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਵਾਲੀ ਤਰੀਕ ਤੋਂ ਪੇਡ ਨਿਊਜ਼ ਜੇਕਰ ਕੋਈ ਹੋਵੇ, ਤਾਂ ਇਸ ਸਬੰਧੀ ਮਾਮਲੇ ਵੀ ਵਿਚਾਰੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸੀ ਵਿਜਿਲ ਐਪ, ਵੈੱਬ ਕਾਸਟਿੰਗ ਅਤੇ ਈ.ਐੱਸ.ਐਮ.ਐੱਸ. ਐੱਪ ਤਹਿਤ ਚਲਾਏ ਜਾ ਰਹੇ ਕੰਟਰੋਲ ਰੂਮ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ 6 ਸ਼ਿਕਾਇਤਾਂ ਪੋਸਟਰ ਅਤੇ ਬੈਨਰ ਸਬੰਧੀ ਪ੍ਰਾਪਤ ਹੋਈਆਂ ਜਿਨ੍ਹਾਂ ਦਾ ਨਿਬੇੜਾ 100 ਮਿੰਟਾਂ ਤੋਂ ਪਹਿਲਾਂ ਕਰ ਦਿੱਤਾ ਗਿਆ। 

ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਹਰ ਇੱਕ ਗਤੀਵਿਧੀ ਉੱਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਪਣੀ ਸ਼ਿਕਾਇਤਾਂ ਸੀ ਵਿਜਿਲ ਐੱਪ ਉੱਤੇ ਦਰਜ ਕਰਨ ਤਾਂ ਜੋ ਇਨ੍ਹਾਂ ਦਾ ਹੱਲ ਸਮੇਂ ਸਿਰ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ 1950 ਨੰਬਰ ਉੱਤੇ ਚਲਾਈ ਜਾ ਰਹੀ ਸ਼ਿਕਾਇਤ ਹੇਲਪਲਾਇਨ ਦਾ ਵੀ ਦੌਰਾ ਕੀਤਾ ਅਤੇ ਨਿਰਦੇਸ਼ ਦਿੱਤੇ ਕਿ ਸ਼ਿਕਾਇਤਾਂ ਨੂੰ ਸਮਾਂਬੱਧ ਅਤੇ ਸਹੀ ਤਰੀਕੇ ਨਾਲ ਹੱਲ ਕੀਤਾ ਜਾਵੇ।