5 Dariya News

ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ

ਲੋਕ ਸਭਾ ਚੋਣਾਂ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੀਖਿਆ ਬੈਠਕ

5 Dariya News

ਸੰਗਰੂਰ 16-Apr-2024

ਡੀ.ਆਈ.ਜੀ. ਪਟਿਆਲਾ ਰੇਂਜ, ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਕਾਨਫਰੰਸ ਹਾਲ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਸਮੂਹ ਗਜ਼ਟਿਡ ਅਫ਼ਸਰਾਂ, ਐਸ.ਐਚ.ਓਜ਼, ਇੰਚਾਰਜ ਪੁਲਿਸ ਚੌਕੀਆਂ ਅਤੇ ਵਿਸ਼ੇਸ਼ ਯੂਨਿਟਾਂ ਨਾਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਅਪਰਾਧ ਦੀ ਮੁਕੰਮਲ ਰੋਕਥਾਮ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਆਗਾਮੀ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। 

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.), ਜ਼ਮਾਨਤ ਜੰਪਰਾਂ ਅਤੇ ਪੈਰੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ, ਗੈਰ ਜਮਾਨਤੀ ਵਾਰੰਟ ਨੂੰ 100% ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਵਿੱਚ 75% ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ ਕੰਪਨੀਆਂ ਦੀ ਵਰਤੋਂ ਕਰਕੇ ਫਲੈਗ ਮਾਰਚ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਨਕਦੀ ਦੀ ਤਸਕਰੀ ਨੂੰ ਰੋਕਣ ਲਈ ਹਰਿਆਣਾ ਨਾਲ ਲੱਗਦੀ ਅੰਤਰਰਾਜੀ ਹੱਦ 'ਤੇ 24 ਘੰਟੇ ਨਾਕੇ ਲਗਾ ਕੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਫਲਾਇੰਗ ਸਕੁਐਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਰਾਹੀਂ ਵੀ ਸਾਰੀਆਂ ਲਿੰਕ ਸੜਕਾਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਸਮੂਹ ਐਸ.ਐਚ.ਓਜ਼ ਅਤੇ ਇੰਚਾਰਜ ਪੁਲਿਸ ਚੌਕੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣ। ਚੋਣਾਂ ਦੌਰਾਨ ਗੰਨ ਹਾਊਸਾਂ, ਗਿਣਤੀ ਕੇਂਦਰਾਂ, ਭੰਡਾਰਨ ਕੇਂਦਰਾਂ, ਚੋਣ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹੀਆਂ ਜਾਣ ।ਇਸ ਮੌਕੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਸੰਗਰੂਰ ਪੁਲਿਸ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।