5 Dariya News

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਆਰੰਭ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ

ਸਾਫ਼ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ ਦੀ ਸੁਚਾਰੂ ਵਿਵਸਥਾ ਸਮੇਤ ਹੋਰ ਬੁਨਿਆਦੀ ਲੋੜਾਂ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ

5 Dariya News

ਸੰਗਰੂਰ 18-Apr-2024

ਜਿ਼ਲ੍ਹਾ ਸੰਗਰੂਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਕਿਸੇ ਵੀ ਬੁਨਿਆਦੀ ਸਹੂਲਤ ਪੱਖੋਂ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਟਿਊਬਵੈਲਾਂ ਰਾਹੀਂ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਗੇ ਅਤੇ ਇਸ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਖੇਤਰ ਵਿੱਚ ਸੀਵਰੇਜ ਲਾਈਨਾਂ ਵਿੱਚ ਲੀਕੇਜ ਜਿਹੀ ਸਮੱਸਿਆ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਸਮੂਹ ਈ.ਓਜ਼ ਨੂੰ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਸਾਫ਼ ਸਫ਼ਾਈ ਪੱਖੋਂ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਸ ਲਈ ਇਸ ਕਾਰਜ ਉਤੇ ਵਿਸ਼ੇਸ਼ ਤੌਰ *ਤੇ ਧਿਆਨ ਕੇਂਦਰਿਤ ਕੀਤੇ ਜਾਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵਧਣੀ ਵੀ ਯਕੀਨੀ ਹੈ ਇਸ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਵਧੇਰੇ ਚੌਕਸ ਹੋਣ ਦੀ ਲੋੜ ਹੈ ਤਾਂ ਜ਼ੋ ਕਿਸੇ ਵੀ ਥਾਂ ਤੇ ਟਰਾਂਸਫਾਰਮਰ ਦੇ ਸੜਨ ਜਾਂ ਬਿਜਲੀ ਦੀਆਂ ਤਾਰਾਂ ਵਿੱਚ ਨੁਕਸ ਪੈਣ ਦੀ ਸੂਰਤ ਵਿੱਚ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਆਦਰਸ਼ ਚੋਣ ਜ਼ਾਬਤੇ ਸਬੰਧੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕੀਤਾ ਜਾਵੇ ਅਤੇ ਪਹਿਲਾਂ ਤੋਂ ਚੱਲ ਰਹੇ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। 

ਡਿਪਟੀ ਕਮਿਸ਼ਨਰ ਨੇ ਲਿੰਕ ਸੜਕਾਂ ਦੀ ਲੋੜੀਂਦੀ ਮੁਰੰਮਤ, ਲੁੱਕ ਪਾਉਣ ਸਬੰਧੀ ਚੁੱਕੇ ਜਾਣ ਵਾਲੇ ਕਦਮਾਂ, ਹੜ੍ਹਾਂ ਤੋਂ ਬਚਾਅ ਲਈ ਹੋਣ ਵਾਲੇ ਕਾਰਜਾਂ, ਸੀਵਰੇਜ ਦੀ ਪੜਾਅਵਾਰ ਸਫਾਈ ਆਦਿ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।