5 Dariya News

ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ

ਕਿਸਾਨਾਂ ਨੂੰ ਕਣਕ ਸੁਕਾ ਕੇ ਮੰਡੀ ‘ਚ ਲਿਆਉਣ ਦੀ ਅਪੀਲ

5 Dariya News

ਕੋਟਦੁੱਨਾ (ਬਰਨਾਲਾ) 23-Apr-2024

ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ ਨੇ ਅੱਜ ਪਿੰਡ ਕੋਟਦੁੱਨਾ ਅਤੇ ਹੋਰਨਾਂ ਇਲਾਕਿਆਂ ‘ਚ ਕਣਕ ਦੀ ਖ਼ਰੀਦ ਸਬੰਧੀ ਜਾਇਜ਼ਾ ਲਿਆ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕਣਕ ਦੀ ਕੁੱਲ ਆਮਦ ਜ਼ਿਲ੍ਹੇ ‘ਚ 132090 ਮੀਟ੍ਰਿਕ ਟਨ ਰਹੀ ਹੈ। ਇਸ ਵਿਚੋਂ 93016 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਅਤੇ 28878 ਮੀਟ੍ਰਿਕ ਟਨ ਮੰਡੀਆਂ ਚੋਂ ਚੁਕਵਾਈ ਜਾ ਚੁੱਕੀ ਹੈ। ਇਸ ਨਾਲ ਹੀ 136 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ‘ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਜਿਣਸ ਸਮੇਂ ਸਿਰ ਖਰੀਦੀ ਜਾ ਸਕੇ। 

ਉਨ੍ਹਾਂ ਨਾਲ ਹੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਖਰੀਦੀ ਹੋਈ ਫ਼ਸਲ ਜਲਦ ਤੋਂ ਜਲਦ ਚੁਕਵਾਈ ਜਾਵੇ। ਉਨ੍ਹਾਂ ਦੱਸਿਆ ਕਿ ਬਾਰਦਾਨੇ ਸਬੰਧੀ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਸਰਕਾਰੀ ਖਰੀਦ ਏਜੰਸੀਆਂ ਨੂੰ ਕਿਸਾਨਾਂ ਤੋਂ ਖਰੀਦੀ ਜਾ ਚੁੱਕੀ ਫਸਲ ਦੀ ਸਮੇਂ ਸਿਰ ਲਿਫਟਿੰਗ ਕਰਾਉਣ ਦੀ ਹਦਾਇਤ ਕੀਤੀ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾ ਲੱਗਣ। 

ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਬਰਸਾਤੀ ਮੌਸਮ ਦੇ ਮੱਦੇਨਜ਼ਰ ਲੋੜ ਅਨੁਸਾਰ ਤਰਪਾਲਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਹਰਸ਼ਰਨ ਸਿੰਘ ਬਰਾੜ, ਮਾਰਕਿਟ ਕਮੇਟੀ ਦੇ ਅਫ਼ਸਰ, ਕਿਸਾਨ, ਆੜ੍ਹਤੀ ਅਤੇ ਹੋਰ ਲੋਕ ਹਾਜ਼ਰ ਸਨ।