5 Dariya News

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

ਖਰੀਦੀ ਕਣਕ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਂਦੀ ਜਾਵੇ-ਵਿਕਾਸ ਗਰਗ

5 Dariya News

ਪਟਿਆਲਾ 24-Apr-2024

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਤੇ ਲਿਫਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਕਿ ਮੰਡੀਆਂ 'ਚ ਵੇਚਣ ਲਈ ਆਪਣੀ ਜਿਣਸ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਵਿਕਾਸ ਗਰਗ ਨੇ ਰਾਜਪੁਰਾ, ਬਹਾਦਰਗੜ੍ਹ ਤੇ ਪਟਿਆਲਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਦੌਰਾਨ ਆੜਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਖਰੀਦ ਏਜੰਸੀਆਂ, ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੀ ਸੁਚੱਜੀ ਖਰੀਦ ਪ੍ਰਕ੍ਰਿਆ ਲਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਅਦਾਇਗੀ ਅਤੇ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ ਤਾਂ ਕਿ ਕਿਸਾਨਾਂ ਨੂੰ ਕੋਈ ਦਿਕਤ ਨਾ ਆਵੇ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਬਾਬਤ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਜਿਣਸ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 612013 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਇਸ ਵਿੱਚੋਂ 593943 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ ਅਤੇ 153111 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਜਿਣਸ ਦੀ ਹੁਣ ਤੱਕ 1191.31 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।