5 Dariya News

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼

5 Dariya News

ਨਵਾਂਸ਼ਹਿਰ 24-Apr-2024

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੀਆਂ ਨਵਾਂਸ਼ਹਿਰ ਅਤੇ ਰਾਹੋਂ ਸਥਿਤ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਨ ਅਤੇ ਹਰੇਕ ਪ੍ਰਬੰਧ ਨੂੰ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਉਣ। 

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 94172 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 24 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 20684 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਜਿਸ ਦੀ ਖਰੀਦ ਵੱਖ-ਵੱਖ ਖਰੀਦ ਏੰਜਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਮਾਰਕਫੈਡ, ਪਨਗ੍ਰੇਨ, ਵੇਅਰ ਹਾਊਸ, ਪਨਸਪ ਆਦਿ ਸਰਕਾਰੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਤੋਂ ਖਰੀਦੀ ਜਾ ਚੁੱਕੀ ਫਸਲ ਦੀ ਸਮੇਂ ਸਿਰ ਲਿਫਟਿੰਗ ਕਰਾਉਣ ਦੀ ਹਦਾਇਤ ਕੀਤੀ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾ ਲੱਗਣ। 

ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਬਰਸਾਤੀ ਮੌਸਮ ਦੇ ਮੱਦੇਨਜ਼ਰ ਲੋੜ ਅਨੁਸਾਰ ਤਰਪਾਲਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਟਰਾਂਸਪੋਰਟੇਸ਼ਨ ਅਤੇ ਮਜ਼ਦੂਰਾਂ ਸਬੰਧੀ ਹੁਣ ਕੋਈ ਸਮੱਸਿਆ ਨਹੀਂ ਹੈ ਇਸ ਲਈ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸਰਕਾਰ ਵੱਲੋਂ ਨਿਰਧਾਰਿਤ ਸੀਮਾ ਸਾਰਨੀ ਅਨੁਸਾਰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਤੇ ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਕਿਸਾਨ ਵੀ ਮੌਜੂਦ ਸਨ।