5 Dariya News

ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

5 Dariya News

ਰੂਪਨਗਰ 25-Apr-2024

ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲਾਗੂ ਹੈ ਤੇ ਚੌਣਾਂ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰਵਾਈ ਹਰ ਪੱਧਰ ਉੱਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਲੈ ਚੋਣਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੇ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਸੰਵੇਦਨਸ਼ੀਲ ਖੇਤਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ ਅਜਿਹੇ ਖੇਤਰਾਂ ਬਾਬਤ ਵਿਸ਼ੇਸ਼ ਤੌਰ ਉੱਤੇ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਚੋਣ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਪੋਸਟਲ ਬੈਲਟ ਪੇਪਰਾਂ ਤੇ ਬੈਲਟ ਪੇਪਰਾਂ ਦੇ ਪ੍ਰਬੰਧਾਂ, ਚੋਣ ਖਰਚੇ ਦੀ ਨਿਗਰਾਨੀ, ਆਬਜ਼ਰਵਰਾਂ ਦੇ ਦੌਰਿਆਂ, ਵੋਟਾਂ ਪੈਣ ਵਾਲੇ ਦਿਨ ਦੀਆਂ ਰਿਪੋਰਟਾਂ, ਸੁਰੱਖਿਆ ਬਲਾਂ ਦੀ ਤਾਇਨਾਤੀ, ਵੋਟਰ ਪਰਚੀਆਂ ਦੀ ਵੰਡ ਅਤੇ ਵੋਟਾਂ ਦੀ ਗਿਣਤੀ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਆਕਰੀ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਸ ਦਿੱਕਤ ਸਬੰਧੀ ਫੌਰੀ ਉਹਨਾਂ ਨਾਲ ਰਾਬਤਾ ਕਰੇ ਤੇ ਚੋਣ ਅਮਲ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਣਾ ਯਕੀਨੀ ਬਣਾਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਈ ਜਾ ਸਕੇ।

ਇਸ ਮੀਟਿੰਗ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਨੰਗਲ ਸ੍ਰੀਮਤੀ ਅਨਮਜੋਤ ਕੌਰ, ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਸਹਾਇਕ ਰਿਟਰਨਿੰਗ ਅਫ਼ਸਰ ਖਰੜ ਗੁਰਮੰਦਰ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਮੋਹਾਲੀ ਸ਼੍ਰੀ ਦੀਪਾਂਕਰ ਗਰਗ, ਸਹਾਇਕ ਰਿਟਰਨਿੰਗ ਅਫ਼ਸਰ ਬਲਾਚੌਰ ਰਵਿੰਦਰ ਕੁਮਾਰ ਬੰਸਲ, ਸਹਾਇਕ ਰਿਟਰਨਿੰਗ ਅਫ਼ਸਰ ਗੜ੍ਹਸ਼ੰਕਰ ਡਾ. ਸ਼ਿਵਰਾਜ ਸਿੰਘ ਬੱਲ ਆਰ.ਟੀ.ਏ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ, ਆਰ.ਟੀ.ਏ. ਮੋਹਾਲੀ ਸ. ਪਰਦੀਪ ਸਿੰਘ ਢਿੱਲੋਂ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਹੋਏ।