ਫਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਪਰਮਵੀਰ ਸਿੰਘ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
5 Dariya News
ਤਰਨ ਤਾਰਨ 09-Oct-2024
ਫਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ, ਉਪ ਮੰਡਲ ਮਜਿਸਟਰੇਟ ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਉਪ ਮੰਡਲ ਮਜਿਸਟਰੇਟ ਪੱਟੀ ਸ੍ਰੀ ਜੈ ਇੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਡਾ. ਹਰਪਾਲ ਸਿੰਘ ਪਨੂੰ, ਪ੍ਰੋਜੈਕਟ ਡਾਇਰੈਕਟਰ (ਆਤਮਾ) ਸ੍ਰੀ ਵਿਕਰਮ ਸੂਦ ਅਤੇ ਐਸ. ਡੀ. ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਤਰਨ ਤਾਰਨ ਸ੍ਰੀ ਵਰੁਣ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਪਰਮਵੀਰ ਸਿਘ ਸਮੂਹ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਜ਼ਿਲਾ ਤਰਨ ਤਾਰਨ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਲਈ ਐੱਸ. ਓ. ਪੀ. ਬਣਾ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ । ਉਹਨਾਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿੱਥੇ ਕਿਸਾਨਾਂ ਵਲੋਂ ਪਰਾਲੀ ਸਾੜੀ ਗਈ ਹੈ, ਉੱਥੇ ਰੈੱਡ ਐਂਟਰੀਆਂ, ਜੁਰਮਾਨਾ ਲਗਾਉਣਾ ਅਤੇ ਰਿਕਵਰ ਕਰਨਾ ਯਕੀਨੀ ਬਣਾਇਆ ਜਾਵੇ।
ਹਾਟ ਸਪਾਟ ਪਿੰਡਾਂ ਬਾਰੇ ਰਣਨੀਤੀ ਬਣਾਈ ਅਤੇ ਇਹਨਾਂ ਪਿੰਡਾਂ ਵਿੱਚ ਰੋਜ਼ਾਨਾ ਦੌਰਾ ਅਤੇ ਕਿਸਾਨਾਂ ਨਾਲ ਮੀਟਿੰਗ ਕਰਨੀਆਂ ਅਤੇ ਮਸ਼ੀਨਰੀ ਦੀ ਉਪਲੱਬਧਤਾ ਨੂੰ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਜਿੰਨਾਂ ਕਰਮਚਾਰੀਆਂ ਦੀ ਇਲੈਕਸ਼ਨ ਡਿਊਟੀ ਨਹੀਂ ਲੱਗੀ ਹੈ, ੳਹਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਫੀਲਡ ਵਿੱਚ ਭੇਜਿਆ ਜਾਵੇ।ਸਬ ਡਿਵੀਜ਼ਨ ਮਜਿਸਟਰੇਟ ਵਲੋਂ ਰੋਜ਼ਾਨਾ ਕਲੱਸਟਰ ਅਫਸਰਾਂ ਨਾਲ ਮੀਟਿੰਗਾਂ ਕਰਨੀਆ ਯਕੀਨੀ ਬਣਾਈਆਂ ਜਾਣ।
ਐਕਸ-ਸੀਟੂ ਮਸ਼ੀਨਾਂ ਜਿਵੇਂ ਕਿ ਬੇਲਰ ਦੀ ਪੂਰੀ ਸਮਰੱਥਾ `ਤੇ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਜਿੰਨਾਂ ਟੀਮਾਂ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਦੌਰੇ ਕੀਤੇ ਜਾ ਰਹੇ ਹਨ ਉਹ ਆਪਣੇ ਦੌਰਿਆਂ ਦੀ ਸੂਚਨਾ ਅਗਾਂਹੂ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਇਹਨਾਂ ਟੀਮਾਂ ਨਾਲ ਪੁਲਿਸ ਕਰਮੀ ਲਗਾਏ ਜਾ ਸਕਣ।