ਜ਼ਿਲ੍ਹੇ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯੋਜਨਾ ਤਿਆਰ ਕੀਤੀ ਜਾਵੇ - ਡਾ: ਅਮਰ ਸਿੰਘ
ਐਮ.ਪੀ. ਲੈਡ ਵਿੱਚੋਂ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੇ ਆਦੇਸ਼
5 Dariya News
ਫ਼ਤਹਿਗੜ੍ਹ ਸਾਹਿਬ 21-Nov-2024
ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਐਮ.ਪੀ. ਲੈਡ ਫੰਡ ਵਿੱਚੋਂ ਜਾਰੀ ਕੀਤੀਆਂ ਗ੍ਰਾਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਾ ਹੋ ਸਕੇ। ਇਹ ਹਦਾਇਤਾਂ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮਾਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਦਿੱਤੀਆਂ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜੋ ਗ੍ਰਾਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦੇ ਵਰਤੋਂ ਸਰਟੀਫੇਕਟ ਜਮ੍ਹਾਂ ਹੋਣ ਉਪਰੰਤ ਹੀ ਅਗਲੀ ਗ੍ਰਾਂਟ ਮਿਲ ਸਕਦੀ ਹੈ। ਇਸ ਲਈ ਸਮੂਹ ਅਧਿਕਾਰੀ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਜ਼ਰੂਰ ਕਰਵਾਉਣ। ਡਾ.ਅਮਰ ਸਿੰਘ ਨੇ ਦਿਨੋਂ-ਦਿਨ ਧਰਤੀ ਹੇਠਲਾ ਪਾਣੀ ਡੂੰਘਾ ਹੋਣ ਤੇ ਚਿੰਤਾ ਜ਼ਾਹਿਰ ਕਰਦਿਆਂ ਖੇਤੀਬਾੜੀ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯੋਜਨਾ ਤਿਆਰ ਕਰਨ ਤਾਂ ਜੋ ਕੇਂਦਰ ਸਰਕਾਰ ਤੋਂ ਫੰਡ ਪ੍ਰਾਪਤ ਕਰਕੇ ਇਸ ਪ੍ਰੋਜੈਕਟ ਬਾਬਤ ਕਾਰਵਾਈ ਕੀਤੀ ਜਾ ਸਕੇ।
ਡਾ: ਅਮਰ ਸਿੰਘ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਦੋ ਮਹੱਤਵਪੂਰਨ ਖੇਤਰ ਹਨ, ਜਿਨ੍ਹਾਂ ਤੋਂ ਬਿਨਾਂ ਸਮਾਜਿਕ ਵਿਕਾਸ ਸੰਭਵ ਨਹੀਂ ਹੋ ਸਕਦਾ। ਇਸ ਲਈ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਮੋਹਰੀ ਬਣਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਰੂਪ ਵਿੱਚ ਲਾਗੂ ਕਰ ਕੇ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਭਰੂਣ ਹੱਤਿਆ ਬਾਰੇ ਹੋਰ ਜਾਗਰੂਕਤਾ ਫੈਲਾਉਣ ਬਾਰੇ ਵੀ ਅਧਿਕਾਰੀਆਂ ਨੂੰ ਕਿਹਾ ਕਿ ਤਾਂ ਜੋ ਲੜਕਿਆਂ ਤੇ ਲੜਕੀਆਂ ਦੇ ਜਨਮ ਦਰ ਵਿਚਲੇ ਗੈਪ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਜ਼ਿਲ੍ਹੇ ਵਿੱਚ ਸਫਲਤਾ ਪੂਰਬਕ ਚੱਲ ਰਹੀ ਹੈ ਅਤੇ ਇਸ ਸਕੀਮ ਹੇਠ ਯੋਗ ਲਾਭਪਾਤਰਾਂ ਨੂੰ ਮਕਾਨ ਬਣਾਉਣ ਲਈ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ 52,821 ਪਰਿਵਾਰਾਂ ਨੂੰ ਜਾਬ ਕਾਰਡ ਜਾਰੀ ਕਰ ਕੇ ਕੁੱਲ 78,033 ਵਰਕਰ ਰਜਿਸਟਰਡ ਕੀਤੇ ਗਏੇ, ਜਿਨ੍ਹਾਂ ਵਿੱਚੋਂ 40,861 ਔਰਤ ਵਰਕਰ ਹਨ। ਮਗਨਰੇਗਾ ਸਕੀਮ ਅਧੀਨ ਵਿੱਤੀ ਸਾਲ 2024-2025 ਦੌਰਾਨ ਮਗਨਰੇਗਾ ਵਰਕਰਾਂ ਨੂੰ ਹੁੱਣ ਤੱਕ 11,07,326 ਦਿਨਾਂ ਦਾ ਰੋਜਗਾਰ ਦਿੱਤਾ ਜਾ ਚੁੱਕਾ ਹੈ, ਜਿਸ ਵਿੱਚੋਂ 8,95,699 ਦਿਨਾਂ ਦਾ ਰੋਜਗਾਰ ਔਰਤ ਵਰਕਰਾਂ ਨੂੰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਖੇਡਾਂ ਦਾ ਸਮਾਨ, ਸਕੂਲਾਂ ਵਿੱਚ ਸਿਵਲ ਵਰਕਸ, ਵਾਧੂ ਕਲਾਸ ਰੂਮ, ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ, ਕਿਤਾਬਾਂ ਅਤੇ ਹੋਰ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਅਧੀਨ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਇਆ ਜਾਵੇਗਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਹਰਵੀਰ ਕੌਰ, ਐਸ.ਡੀ.ਐਮ.ਅਮਲੋਹ ਸ੍ਰੀ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ.ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।