5 Dariya News

ਜਤਿੰਦਰ ਜੋਰਵਾਲ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਈ.ਵੀ.ਐਮਜ਼ ਦੀ ਚੈਕਿੰਗ

ਆਗਾਮੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ 384 ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਪਹਿਲੇ ਪੱਧਰ ਦੀ ਚੈਕਿੰਗ ਜਾਰੀ

5 Dariya News

ਲੁਧਿਆਣਾ 05-Feb-2025

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਪਹਿਲੇ ਪੱਧਰ ਦੀ ਚੈਕਿੰਗ (ਐਫ.ਐਲ.ਸੀ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰਾਇਲ (ਵੀ.ਵੀ.ਪੈਟ) ਦਾ ਨਿਰੀਖਣ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਉਪ ਚੋਣ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦਾ ਜਾਇਜ਼ਾ ਲਿਆ। 

ਉਨ੍ਹਾਂ ਭਾਰਤ ਇਲੈਕਟ੍ਰਿਕ ਲਿਮਟਿਡ (ਬੀ.ਈ.ਐਲ.) ਦੇ ਇੰਜੀਨੀਅਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਹ ਮਸ਼ੀਨਾਂ ਤਿਆਰ ਕਰਨ ਦੀ ਡਿਊਟੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਿਰੀਖਣ ਦਾ ਮੁੱਢਲਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੋਲਿੰਗ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਸਾਰੀਆਂ ਮਸ਼ੀਨਾਂ ਦੀ ਵਰਤੋਂ ਆਗਾਮੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਦੌਰਾਨ ਪ੍ਰਸ਼ਾਸਨ ਵੱਲੋਂ ਕੀਤੀ ਜਾਵੇਗੀ ਅਤੇ ਕਿਹਾ ਕਿ 384 ਬੈਲਟ ਯੂਨਿਟਾਂ, 384 ਕੰਟਰੋਲ ਯੂਨਿਟਾਂ ਅਤੇ 384 ਵੀ.ਵੀ.ਪੈਟ ਦੀ ਜਾਂਚ ਦੀ ਪ੍ਰਕਿਰਿਆ ਵੀਰਵਾਰ ਤੱਕ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਇਹ ਪ੍ਰਕਿਰਿਆ ਸਭ ਤੋਂ ਮਹੱਤਵਪੂਰਨ ਕੰਮ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਫ.ਐਲ.ਸੀ. ਦੇ ਮੁਕੰਮਲ ਹੋਣ ਦੌਰਾਨ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਦੇ ਨਾਲ-ਨਾਲ ਢੁਕਵੇਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਚੈਕਿੰਗ ਦੌਰਾਨ ਆਪਣੇ ਨੁਮਾਇੰਦੇ ਭੇਜਣ ਤਾਂ ਜੋ ਸਮੁੱਚੇ ਕੰਮ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।