5 Dariya News

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ, ਸਮੁੱਚੇ ਪ੍ਰਬੰਧਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

5 Dariya News

ਮੂਨਕ /ਖਨੌਰੀ 14-Apr-2025

ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਨਾਜ ਮੰਡੀ ਮੂਨਕ ਅਤੇ ਖਨੌਰੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਉੱਥੇ ਨਾਲ ਹੀ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਇਹ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ। ਇਸ ਮੌਕੇ  ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੀਏ ਰਾਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗੋਇਲ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਵਿਕਰਮ ਕੁਮਾਰ, ਸੁਖਦਰਸ਼ਨ ਜੈਨ, ਅਰੁਣ ਜਿੰਦਲ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਨਾ ਐਮ. ਸੀ. ਮੂਨਕ, ਬੱਬੂ ਸਿੰਘ, ਐਮ.ਸੀ.ਭੋਲਾ ਸਿੰਘ ਐਮ. ਸੀ ਮੂਨਕ ਮਿੱਠੂ ਸੈਣੀ, ਮਾਰਕਿਟ ਸੈਕਟਰੀ ਅਮਰਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਮਾਰਕਫੈਡ ਵੇਅਰਹਾਊਸ, ਪਨਗੇਰਨ, ਦੇ ਅਧਿਕਾਰੀ ਹਾਜ਼ਰ ਸਨ।