‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਧੂਰੀ ਦੇ ਤਿੰਨ ਸਰਕਾਰੀ ਸਕੂਲ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ
5 Dariya News
ਧੂਰੀ 25-Apr-2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਨਵੀਨੀਕਰਨ ਤੋਂ ਬਾਅਦ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲ੍ਹੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ, ਸਰਕਾਰੀ ਮਿਡਲ ਸਕੂਲ ਸ਼ੇਰਪੁਰ ਚੌਂਕ ਧੂਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਜੀਗਰ ਬਸਤੀ ਧੂਰੀ ਨਵੀਨੀਕਰਨ ਤੋਂ ਬਾਅਦ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਅਰਪਿਤ ਕੀਤੇ ਗਏ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਢਿੱਲੋਂ ਅਤੇ ਚੇਅਰਮੈਨ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਸੰਵਾਰਨ ਲਈ ਜੋ ਪੰਜਾਬ ਸਿੱਖਿਆ ਕ੍ਰਾਂਤੀ ਨਾਮ ਦੀ ਮੁਹਿੰਮ ਚਲਾਈ ਹੈ ਉਸ ਨਾਲ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਇਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ ਅਤੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੀਆਂ ਤੇ ਇਤਿਹਾਸਿਕ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ ਹਨ।
ਮੁੱਖ ਮਹਿਮਾਨਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਧੂਰੀ ਅਧੀਨ ਆਉਂਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ ਅਤੇ ਯੋਜਨਾਬੱਧ ਢੰਗ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਸਕੂਲ ਅਤਿ ਆਧੁਨਿਕ ਸੁਵਿਧਾਵਾਂ ਤੋਂ ਵਾਂਝਾ ਨਹੀਂ ਰਹੇਗਾ।