5 Dariya News

ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਮੁਕਤੀ ਯਾਤਰਾ ਪੰਜਾਬ ਲੈ ਕੇ ਆਵੇਗੀ ਵੱਡਾ ਬਦਲਾਅ-ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਨਸ਼ਾ ਮੁਕਤੀ ਯਾਤਰਾ ਮੀਰਾਂ ਕੋਟ ਤੋਂ ਸ਼ੁਰੂ ਹੋ ਕੇ ਜੰਝਘਰ ਗੁੰਮਟਾਲਾ ਵਿਖੇ ਹੋਈ ਸਮਾਪਤ

5 Dariya News

ਅੰਮ੍ਰਿਤਸਰ 16-May-2025

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਸੂਬੇ ਨੂੰ ਪੂਰੀ ਤਰ੍ਹਾਂ  ਨਸ਼ਾ ਮੁਕਤ ਕਰਨ ਲਈ ਵਚਨਬੱਧ ਹਨ ਅਤੇ ਸੂਬੇ ਵਿੱਚ ਕਿਸੇ ਵੀ ਵਿਅਕਤੀ ਨੂੰ ਚਾਹੇ ਉਹ ਕਿੰਨਾ ਹੀ ਵੱਡਾ ਕਿਉਂ ਨਾ ਹੋਵੇ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਜਾਣਗੀਆਂ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਪੂਰੀ ਸਖਤੀ ਨਾਲ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ ਅਤੇ ਵੱਡੇ ਮਗਰਮੱਛਾ ਨੂੰ ਫੜ ਕੇ ਜੇਲਾਂ ਅੰਦਰ ਡੱਕਿਆ ਜਾ ਰਿਹਾ ਹੈ। ਉਨ੍ਹਾਂ ਨਸ਼ਾ ਮੁਕਤੀ ਯਾਤਰਾ ਦੀ ਗੱਲ ਕਰਦਿਆਂ ਕਿਹਾ ਕਿ ਇਹ ਯਾਤਰਾ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰੇਗੀ ਅਤੇ ਜਿਹੜੇ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਫਸ ਚੁੱਕੇ ਹਨ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇਗਾ।

ਵਿਧਾਇਕ ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣ ਤਾਂ ਜੋ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਨਸ਼ੇ ਤੋਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਨੇ ਯਾਤਰਾ ਵਿੱਚ ਸ਼ਾਮਲ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਅਤੇ ਕਿਹਾ ਕਿ ਤੁਹਾਨੂੰ ਆਪਣੇ ਇਲਾਕੇ ਵਿੱਚ ਕਿਤੇ ਵੀ ਨਸ਼ਾ ਵੇਚਣ ਬਾਰੇ ਪਤਾ ਲੱਗਦਾ ਹੈ ਤਾਂ ਸੂਚਨਾ ਪੁਲਿਸ ਦੇ ਹੈਲਪਲਾਈਨ ਨੰਬਰ 77101-04818 ਜਾਂ 112 ਤੇ ਦਿਓ। 

ਉਨ੍ਹਾਂ ਕਿਹਾ ਤੁਹਾਡੇ ਵੱਲੋਂ ਦਿੱਤੀ ਗਈ ਸੂਚਨਾ ਨੂੰ ਗੁਪਤ ਰੱਖਿਆ ਜਾਵੇਗਾ ਅਤੇ ਪੁਲਿਸ ਵੱਲੋਂ ਤੁਰੰਤ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਨਸ਼ਾ ਮੁਕਤੀ ਯਾਤਰਾ ਚੌਂਕ ਮੀਰਾਂਕੋਟ ਤੋਂ ਸ਼ੁਰੂ ਹੋ ਕੇ ਪਿੰਡ ਸੁੰਦਰ ਨਗਰ ਤੱਕ ਕੱਢੀ ਗਈ ਜਿਸ ਵਿੱਚ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ।