5 Dariya News

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਲਾਮਬੰਦ ਹੋਣਾ ਜ਼ਰੂਰੀ-ਵਿਧਾਇਕ ਅਮਰਪਾਲ ਸਿੰਘ

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ 18-May-2025

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਅਧੀਨ ਹਲਕੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਅੱਜ ਉਨ੍ਹਾਂ ਪਿੰਡ ਭਾਮ, ਭਾਰਤੀ ਤੇ ਹਰਚੋਵਾਲ ਵਿਖੇ ਜਨ ਸਭਾ ਕੀਤੀ । ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਇਸ 'ਨਸ਼ਾ ਮੁਕਤੀ ਯਾਤਰਾ' ਨੂੰ ਲੋਕ ਲਹਿਰ ਬਣਾਉਨ ਲਈ ਲਗਾਤਾਰ ਲੋਕਾਂ ਦਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਹਲਕੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। 

ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਰੁਖ਼ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਬਚਾ ਸਕਾਂਗੇ । ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜਰੂਰੀ ਹੈ।

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ। 

ਇਸ ਮੌਕੇ ਉਨ੍ਹਾਂ ਵਲੋਂ ਲੋਕਾਂ ਨੂੰ ਨਸ਼ਿਆਂ ਨੂੰ ਖਤਮ ਕਰਨ ਪ੍ਰਤੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ, ਕਮੇਟੀ ਮੈਂਬਰਾਂ ਸਮੇਤ ਪੀ ਏ ਰਾਜੂ ਭਿੰਡਰ, ਪੀ ਏ ਸੁਖਦੇਵ ਸਿੰਘ ਰੋਮੀ, ਸਲਾਹਕਾਰ ਪਰਮਬੀਰ ਸਿੰਘ ਰਾਣਾ ਆਦਿ ਹਾਜਰ ਸਨ।