ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ - ਗੁਰਪ੍ਰੀਤ ਸਿੰਘ ਬਣਾਂਵਾਲੀ
ਵਿਧਾਇਕ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
5 Dariya News
ਸਰਦੂਲਗੜ੍ਹ/ਮਾਨਸਾ 19-May-2025
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੈ, ਤਾਂ ਜੋ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਦਾ ਸਹੀ ਇਲਾਜ਼ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਖੋਖਰ ਕਲਾਂ, ਖੋਖਰ ਖੁਰਦ ਅਤੇ ਮੂਸਾ ਵਿਖੇ ਨਸ਼ਾ ਮੁਕਤੀ ਯਾਤਰਾ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰਕੇ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਇਸ ਸਬੰਧੀ ਸੂਚਨਾ ਪੁਲਿਸ ਨੂੰ ਦੇਣ, ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰ ਪਿੰਡ ਦੇ ਪਹਿਰੇਦਾਰ ਵਜੋਂ ਨਸ਼ਿਆਂ ਖਿਲਾਫ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੂਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਸ ਮੌਕੇ ਉਨ੍ਹਾਂ ਮੌਜੂਦਾ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ।