ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ- ਡਾ. ਚਰਨਜੀਤ ਸਿੰਘ
ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਨੂੰ ਰੋਕਣ ਬਾਰੇ ਕੀਤਾ ਜਾ ਰਿਹੈ ਜਾਗਰੂਕ
5 Dariya News
ਸ੍ਰੀ ਚਮਕੌਰ ਸਾਹਿਬ 22-May-2025
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਮਨਜੀਤਪੁਰ, ਮੁਕਰਾਬਪੁਰ ਅਤੇ ਖਾਨਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।
ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਵਿਧਾਇਕ ਨੇ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ। ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐਸਪੀ ਮਨਜੀਤ ਸਿੰਘ ਔਲਖ, ਬੀਡੀਪੀਓ ਅਜੈਬ ਸਿੰਘ, ਐਸਐਮਓ ਡਾ. ਗੋਬਿੰਦ ਟੰਡਨ, ਐਸਐਚਓ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕ੍ਰਿਸ਼ਨ ਕੁਮਾਰ, ਬਲਾਕ ਪ੍ਰਧਾਨ ਜਗਤਾਰ ਸਿੰਘ, ਰਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ, ਜਗਤਾਰ ਸਿੰਘ ਘੜੂੰਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ ਅਤੇ ਪਿੰਡਾ ਦੇ ਮੋਹਤਬਰ ਸੱਜਣ ਹਾਜ਼ਰ ਸਨ।