5 Dariya News

ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ - ਡਾ. ਕਸ਼ਮੀਰ ਸਿੰਘ ਸੋਹਲ

ਵਿਧਾਇਕ ਸ੍ਰ. ਸਰਵਨ ਸਿੰਘ ਧੁੰਨ ਨੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

5 Dariya News

ਤਰਨ ਤਾਰਨ 23-May-2025

ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਬਾਲਾ ਚੱਕ ਅਤੇ ਗੋਹਲਵੜ੍ਹ  ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।

ਇਸ ਮੌਕੇ ਸੰਬੋਧਨ ਕਰਿਦਆਂ ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਮਾਨ, ਪੁੰਨੀਆਂ ਅਤੇ ਜੰਡ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ੍ਰ. ਧੁੰਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮੱਦਦ ਮਿਲ ਰਹੀ ਹੈ। ਉਨ੍ਹਾਂ ਨੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।

ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਗੋਪਾਲਾ, ਕੋਹਾੜਕਾ, ਖਹਿਰਾ, ਗੋਰਖਾ, ਡਾਲੇਕੇ, ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਉਹਨਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। 

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।ਇਸ ਉਪਰੰਤ ਉਹਨਾਂ ਲੋਕਾਂ ਨੂੰ ਆਪਣੇ ਪਿੰਡਾਂ `ਚ ਨਸ਼ਾ ਨਾ ਵਿਕਣ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਸਬੰਧੀ ਸਹੁੰ ਵੀ ਚੁਕਾਈ।