ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਜਾਗਰੂਕ - ਡਾ. ਚਰਨਜੀਤ ਸਿੰਘ
ਪਪਰਾਲੀ, ਗੋਪਾਲਪੁਰ ਅਤੇ ਨਥਮਲਪੁਰ 'ਚ ‘ਨਸ਼ਾ ਮੁਕਤੀ ਯਾਤਰਾਵਾਂ’ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ
5 Dariya News
ਮੋਰਿੰਡਾ 23-May-2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਨਸ਼ਿਆਂ ਦੇ ਖ਼ਿਲਾਫ਼ ਇੱਕਜੁਟਤਾ ਦਾ ਸੰਦੇਸ਼ ਦੇ ਰਹੇ ਹਨ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਪਪਰਾਲੀ, ਗੋਪਾਲਪੁਰ ਅਤੇ ਨਥਮਲਪੁਰ ਵਿਚ ‘ਨਸ਼ਾ ਮੁਕਤੀ ਯਾਤਰਾਵਾਂ’ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮੂਹਿਕ ਯਤਨ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਸਮਾਜ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਮੁਕਤ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਅਜਿਹੇ ਸਮੇਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਲੋਕਾਂ ਨੂੰ ਪ੍ਰੇਰਿਤ ਕਰਨ ਵਿਚ ਬਹੁਤ ਸਹਾਈ ਸਾਬਤ ਹੋ ਰਹੀਆਂ ਹਨ।
ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ।
ਇਸ ਮੌਕੇ ਬੀਡੀਪੀਓ ਹਰਕੀਤ ਸਿੰਘ, ਐੱਸਐੱਚਓ ਰਾਹੁਲ ਕੁਮਾਰ, ਹਲਕਾ ਕੋਆਰੀਨੇਟਰ ਪਰਸ਼ੋਤਮ ਸਿੰਘ ਮਾਹਲ, ਰਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ, ਜਗਤਾਰ ਸਿੰਘ ਘੜੂੰਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ ਅਤੇ ਪਿੰਡਾ ਦੇ ਮੋਹਤਬਰ ਸੱਜਣ ਹਾਜ਼ਰ ਸਨ।