ਯੁੱਧ ਨਸ਼ਿਆ ਵਿਰੁੱਧ : ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ : ਦਿਨੇਸ਼ ਚੱਢਾ
ਵਿਧਾਇਕ ਨੇ ਵੱਖ-ਵੱਖ ਪਿੰਡਾਂ ਦੀਆਂ ਨਸ਼ਾ ਮੁਕਤੀ ਯਾਤਰਾ 'ਚ ਕੀਤੀ ਸ਼ਮੂਲੀਅਤ
5 Dariya News
ਰੂਪਨਗਰ 27-May-2025
ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ "ਨਸ਼ਾ ਮੁਕਤੀ ਯਾਤਰਾ" ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਚੱਕ ਢੇਰਾ, ਮਿਆਣੀ, ਪਤਿਆਲਾ, ਬਹਾਦਰਪੁਰ, ਮੱਦੋਮਾਜਰਾ, ਲੋਧੀਮਾਜਰਾ ਅਤੇ ਗੁੰਨੋ ਮਾਜਰਾ ਪਿੰਡਾਂ ਦੀਆਂ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ।
ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ।
ਉਨ੍ਹਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ। ਇਸ ਮੌਕੇ ਬੀਡੀਪੀਓ ਰਵਿੰਦਰ ਸਿੰਘ, ਐਸਐਚਓ ਸਿਮਰਨਜੀਤ ਸਿੰਘ, ਐਸਐਮਓ ਡਾ. ਅਨੰਦ ਘਈ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਟਰੇਡ ਵਿੰਗ ਪ੍ਰਧਾਨ ਲਲਿਤ ਡਕਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।