ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ ਰਜਨੀਸ਼ ਕੁਮਾਰ ਦਹੀਯਾ ਨੇ ਲੋਕਾਂ ਨੂੰ ਜਾਗਰੂਕ ਕੀਤਾ
ਹਰ ਨਾਗਰਿਕ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਆਪਣੀ ਭੂਮਿਕਾ ਨਿਭਾਵੇ
5 Dariya News
ਫਿਰੋਜ਼ਪੁਰ 28-May-2025
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਪਿੰਡ ਰੁਕਣਾ ਬੇਗੂ, ਕਾਸੂ ਬੇਗੂ, ਸਾਈਆਂ ਵਾਲਾ, ਵਾਂ ਅਤੇ ਸੱਪਾਂ ਵਾਲੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਕੀਤੇ ਸਮਾਗਮ ਦੌਰਾਨ ਕੀਤਾ।
ਵਿਧਾਇਕ ਦਹੀਯਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਹੋਰਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।
ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ / ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਗਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।