5 Dariya News

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਭਵਿੱਖ ਦੀ ਲੜਾਈ ਹੈ- ਵਿਧਾਇਕ ਚੱਢਾ

ਪਿੰਡ ਨਾਨਕਪੁਰਾ, ਸਨਾਣਾ ਅਤੇ ਮਾਜਰੀ ਠੇਕੇਦਾਰਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਕੀਤੀ ਅਗਵਾਈ

5 Dariya News

ਰੂਪਨਗਰ 31-May-2025

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਪਿੰਡ ਨਾਨਕਪੁਰਾ (ਨਾਨਕਪੁਰਾ, ਲਾਡਲ, ਬੈਰਮਪੁਰ), ਮਾਜਰੀ ਠੇਕੇਦਾਰਾਂ (ਮਾਜਰੀ ਠੇਕੇਦਾਰਾਂ, ਦਰਗਾਹ ਸ਼ਾਹ, ਰਾਮਪੁਰ ਮਾਜਰੀ), ਅਤੇ ਸਨਾਣਾ (ਸਨਾਣਾ, ਮਾਜਰੀ ਜੱਟਾਂ, ਅਕਬਰਪੁਰ) ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਭਵਿੱਖ ਦੀ ਲੜਾਈ ਹੈ ਅਤੇ ਸਾਨੂੰ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਜਾਗਰੂਕ ਹੋਣਾ ਪਵੇਗਾ।

ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾ ਕਿਸੇ ਦਬਾਅ ਤੋਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਹੁਣ ਕਿਸੇ ਵੀ ਨਸ਼ਾ ਤਸਕਰ ਨੂੰ ਸਿਆਸੀ ਜਾਂ ਹੋਰ ਕੋਈ ਸਹਿਯੋਗ ਨਹੀਂ ਮਿਲ ਰਿਹਾ ਇਸ ਲਈ ਬਹੁਤ ਜਲਦ ਪੰਜਾਬ ਨਸ਼ਾ ਮੁਕਤ ਹੋਵੇਗਾ। 

ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਜਨ ਅੰਦੋਲਨ ਦਾ ਹਿੱਸਾ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ।

ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ ਗਈ।

ਇਸ ਮੌਕੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਰਾਜੂ ਸਤਿਆਲ, ਬਲਵੰਤ ਸਿੰਘ ਗਿੱਲ, ਮਲਕੀਤ ਸਿੰਘ, ਵਿਕਰਾਂਤ ਚੌਧਰੀ, ਪਮਰਿੰਦਰ ਸਿੰਘ ਬਾਲਾ, ਇੰਦਰਜੀਤ ਸਿੰਘ ਬਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।