ਡਾ. ਸੋਨਾ ਥਿੰਦ ਨੇ ਸਨਅਤੀ ਇਕਾਈਆਂ ਨੂੰ ਮੌਜੂਦਾ ਸੀਜ਼ਨ ਵੱਧ ਤੋਂ ਵੱਧ ਪਰਾਲੀ ਸੰਭਾਲਣ ਲਈ ਪ੍ਰੇਰਿਤ ਕੀਤਾ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ, ਪੰਚਾਇਤੀ ਅਤੇ ਸਹਿਕਾਰਤਾ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ
5 Dariya News
ਫ਼ਤਹਿਗੜ੍ਹ ਸਾਹਿਬ 18-Jun-2025
ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਇੰਨ ਬਿੰਨ ਲਾਗੂ ਕਰਨ ਲਈ ਪ੍ਰਸ਼ਾਸਨ ਲਗਾਤਾਰ ਮੁਸਤੈਦ ਹੈ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਪਰਾਲੀ ਦੀ ਐਕਸ ਸੀਟੂ ਵਰਤੋਂ ਅਧਾਰਿਤ ਵੱਖ ਵੱਖ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਸਾਲ 2025-26 ਦੌਰਾਨ ਝੋਨੇ ਦੀ ਵਧ ਤੋ ਵਧ ਪਰਾਲੀ ਨੂੰ ਇੱਕਤਰ ਕਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਸ਼ੁਰੂ ਹੋਣ ਵਿੱਚ ਅਜੇ ਕਾਫ਼ੀ ਸਮਾਂ ਹੈ ਅਤੇ ਇਸ ਲਈ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਏ ਜਾਣ ਦੀ ਮਾੜੀ ਪ੍ਰਥਾ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ ਅਤੇ ਇਸਦੇ ਢੁੱਕਵੇਂ ਹੱਲ ਅਮਲ ਵਿੱਚ ਲਿਆਂਦੇ ਜਾਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਵੱਖ-ਵੱਖ ਸਥਾਨਾਂ ’ਤੇ ਝੋਨੇ ਦੀ ਪਰਾਲੀ ਦਾ ਭੰਡਾਰ ਕਰਨ ਲਈ ਲੋੜੀਂਦੀ ਜ਼ਮੀਨ ਦੀ ਪਛਾਣ ਕੀਤੀ ਜਾਵੇ ਤਾਂ ਜੋ ਬਾਅਦ ਵਿੱਚ ਇਸ ਪਰਾਲੀ ਦੀ ਵਰਤੋਂ ਗੱਠਾਂ ਬਣਾਉਣ ਲਈ ਹੋ ਸਕੇ। ਉ
ਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਇਕੱਠੀ ਕਰਨ ਦੀ ਪ੍ਰਕਿਰਿਆ ਨੂੰ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਖੇਤਾਂ ਵਿੱਚ ਅੱਗ ਲਾਏ ਜਾਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੇ ਯੂਨਿਟ ਲਗਾਉਣ ਲਈ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ ਅਤੇ ਸਥਾਪਤ ਯੂਨਿਟਾਂ ਨਾਲ ਭੱਠਾ ਮਾਲਕਾਂ ਦਾ ਤਾਲਮੇਲ ਕਰਵਾਇਆ ਜਾਵੇ।
ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਨੂੰ ਖੇਤਾਂ ਵਿੱਚੋਂ ਇਕੱਠਾ ਕਰਨ ਤੇ ਕਰਵਾਉਣ ਲਈ ਕਿਸਾਨਾਂ ਨੂੰ ਵੀ ਵਾਧੂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਮੀਟਿੰਗ ਦੌਰਾਨ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਔਕੜਾਂ ਦਾ ਜਾਇਜ਼ਾ ਵੀ ਲਿਆ ਗਿਆ। ਮੀਟਿੰਗ ਦੌਰਾਨ ਐਸਡੀਓ (ਪੀਪੀਸੀਬੀ) ਪ੍ਰਿਤਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।