ਅਭਿਜੀਤ ਕਪਲਿਸ਼ ਨੇ ਜ਼ਿਲ੍ਹੇ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ
ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ: ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼
5 Dariya News
ਸ੍ਰੀ ਮੁਕਤਸਰ ਸਾਹਿਬ 26-Jun-2025
ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸੇ ਤਹਿਤ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਜ਼ਿਲ੍ਹੇ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਮੰਤਵ ਗੁਮਰਾਹ ਨੌਜਵਾਨੀ ਨੂੰ ਮੁੜ ਜ਼ਿੰਦਗੀ ਦੀ ਰਾਹ ’ਤੇ ਪਾਉਣਾ ਹੈ ਅਤੇ ਇਲਾਜ ਮੁਹੱਈਆ ਕਰਵਾ ਕੇ ਸਿਹਤਮੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ‘ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਆਪਕ ਵਰਤੋਂ ਸਮਾਜ ਲਈ ਇਕ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਕਿਸੇ ਵੀ ਦੇਸ਼ ਦੇ ਚੰਗੇ ਭਵਿੱਖ ਲਈ ਉਸ ਦੀ ਤਰੱਕੀ ਦੇ ਰਾਹ ਵਿਚ ਨਸ਼ਾ ਇਕ ਵੱਡੀ ਰੁਕਾਵਟ ਬਣਦਾ ਹੈ।
ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵੱਧ ਤੋਂ ਵੱਧ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਉਨ੍ਹਾ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਦੀ ਸਾਂਭ-ਸੰਭਾਲ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਸ਼ਾ ਛਡਾਉ ਕੇਂਦਰਾਂ ਵਿੱਚ ਦਾਖ਼ਲ ਹਨ, ਉਨ੍ਹਾਂ ਦੇ ਲਈ ਖਾਣਾ, ਪੀਣ ਵਾਲੇ ਸਾਫ਼ ਪਾਣੀ, ਦਵਾਈਆਂ ਅਤੇ ਹੋਰ ਲੋੜੀਂਦੀਆਂ ਵਸਤਾਂ ਦਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਜਗਦੀਪ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦੁਪਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫਸਰ, ਮਲੋਟ ਡਾ. ਸੁਨੀਲ ਬਾਂਸਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਕੀਰਤਨ ਸਿੰਘ, ਡਾ. ਰਸ਼ਮੀ ਚਾਵਲਾ, ਡਾ. ਪ੍ਰਭਜੀਤ ਗੁਲਾਟੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।