ਅਨਮੋਲ ਗਗਨ ਮਾਨ ਦਾ ਅਸਤੀਫਾ
ਇੱਕ-ਇੱਕ ਕਰਕੇ ਆਪ ਦਾ ਪਤਨ ਸ਼ੁਰੂ ਹੋ ਗਿਆ ਹੈ: ਵੜਿੰਗ
5 Dariya News
ਚੰਡੀਗੜ੍ਹ 19-Jul-2025
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕ - ਇੱਕ ਕਰਕੇ ਪਤਨ ਸ਼ੁਰੂ ਹੋ ਗਿਆ ਹੈ। ਜਿਸਦੇ ਦੋ ਮੌਜੂਦਾ ਵਿਧਾਇਕ ਪਹਿਲਾਂ ਹੀ ਪਾਰਟੀ ਚੋਂ ਬਾਹਰ ਹਨ ਅਤੇ ਕਈ ਇਸ ਤੋਂ ਬਾਅਦ ਆ ਸਕਦੇ ਹਨ। ਵੜਿੰਗ ਨੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੇ ਆਪਣੀ ਸੀਟ ਅਤੇ ਸਿਆਸਤ ਨੂੰ ਛੱਡਣ ਉੱਪਰ ਪ੍ਰਤੀਕ੍ਰਿਆ ਦਿੰਦੇ ਹੋਏ, ਕਿਹਾ ਕਿ ਇਸਦਾ ਮਤਲਬ ਹਰ ਕੋਈ ਜਾਣਦਾ ਹੈ, ਜਿਹੜੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਪਾਰਟੀ ਤੋਂ ਬਾਹਰ ਹੋਣ ਵਾਲੇ ਦੂਜੇ ਵਿਧਾਇਕ ਹਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਤਿੰਨ ਦਿਨ ਪਹਿਲਾਂ ਹੀ ਸ਼੍ਰੀਮਤੀ ਮਾਨ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਟਿੱਪਣੀ ਕੀਤੀ ਸੀ ਕਿ ਸਮਾਜ ਨੂੰ ਉੱਚਾ ਚੁੱਕਣ ਦਾ ਉਨ੍ਹਾਂ ਦਾ ਸੁਪਨਾ ਸਾਡੇ ਅੰਦਰ ਹਿੰਮਤ ਅਤੇ ਪ੍ਰੇਰਨਾ ਭਰਦਾ ਹੈ। ਜਿਸ ਬਾਰੇ ਵੜਿੰਗ ਨੇ ਸਵਾਲ ਕੀਤਾ ਕਿ ਤਿੰਨ ਦਿਨਾਂ ਦੇ ਅੰਦਰ ਉਸ "ਹਿੰਮਤ ਅਤੇ ਪ੍ਰੇਰਨਾ" ਦਾ ਕੀ ਹੋਇਆ?
ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਪਹਿਲਾਂ, ਪਾਰਟੀ ਨੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਅਜਿਹੇ ਵਿਚ ਜਿਸ ਦਰ ਨਾਲ ਵਿਧਾਇਕਾਂ ਨੇ ਅਸਤੀਫ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ, ਜਾਂ ਫ਼ਿਰ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਪਾਰਟੀ ਦੀ ਉਲਟੀ ਗਿਣਤੀ ਸਾਡੀ ਉਮੀਦ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਹੈ।
ਵੜਿੰਗ ਨੇ ਕਿਹਾ ਕਿ ਜੇਕਰ 'ਆਪ' ਦੇ ਆਪਣੇ ਵਿਧਾਇਕ ਖ਼ੁਦ ਇੰਨਾ ਨਿਰਾਸ਼ ਮਹਿਸੂਸ ਕਰ ਰਹੇ ਹਨ ਕਿ ਉਹ ਪਾਰਟੀ ਛੱਡ ਰਹੇ ਹਨ, ਤਾਂ ਆਮ ਲੋਕਾਂ ਦੀ ਕੀ ਹਾਲਤ ਹੋਵੇਗੀ, ਜਿਨ੍ਹਾਂ ਕੋਲ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵਾਂਗ ਕੋਈ ਵਿਸ਼ੇਸ਼ ਅਧਿਕਾਰ ਵੀ ਨਹੀਂ ਹਨ। ਇਹਨਾਂ ਹਾਲਾਤਾਂ ਵਿੱਚ ਪ੍ਰਤੀਤ ਹੁੰਦਾ ਹੈ ਕਿ 'ਆਪ' ਵਿੱਚ ਸਭ ਕੁਝ ਠੀਕ ਨਹੀਂ ਹੈ।
ਜਿਸ ਬਾਰੇ ਉਨ੍ਹਾਂ ਨੇ ਕਿਹਾ ਕਿ ਇੱਕ ਵਿਧਾਇਕ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇੱਕ ਹੋਰ ਵਿਧਾਇਕ ਨੇ ਸਿਆਸਤ ਛੱਡਣ ਦੀ ਗੱਲ ਕਹਿ ਕੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਭਾਵੇਂ ਇਹ 'ਆਪ' ਦਾ ਅੰਦਰੂਨੀ ਮਾਮਲਾ ਹੈ, ਪਰ ਜਦੋਂ ਘਰ ਅੰਦਰ ਅੱਗ ਲੱਗਦੀ ਹੈ, ਤਾਂ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਨਜ਼ਰ ਆਉਂਦੀਆਂ ਹਨ ਅਤੇ ਇਸਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।