ਹਰ ਸ਼ੁਕਰਵਾਰ ਡੇਂਗੂ 'ਤੇ ਵਾਰ : ਸਿਹਤ ਵਿਭਾਗ ਦੀ ਟੀਮ ਵੱਲੋਂ ਵਿੱਦਿਅਕ ਸੰਸਥਾਵਾਂ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ
5 Dariya News
ਮਾਨਸਾ 01-Aug-2025
''ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ'' ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਮਾਨਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਜਿਹੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆ ਵਰਤਣੀਆਂ ਲਾਜ਼ਮੀ ਹਨ, ਇਸ ਦੇ ਲਈ ਵਿਭਾਗ ਦੀ ਟੀਮ ਵੱਲੋਂ ਹਰ ਸ਼ੁੱਕਰਵਾਰ ਨੂੰ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
ਇਸ ਦੇ ਨਾਲ ਹੀ ਜਿੱਥੇ ਕਿਤੇ ਵੀ ਲਾਰਵਾ ਪਾਇਆ ਜਾਂਦਾ ਹੈ ਉਸ ਨੂੰ ਤੁਰੰਤ ਨਸ਼ਟ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ ਤੇ ਪੇਂਡੂ ਖੇਤਰ, ਜਨਤਕ ਥਾਵਾਂ, ਦਫਤਰਾਂ ਤੇ ਵਿੱਦਿਅਕ ਅਦਾਰਿਆਂ ਵਿਚ ਜਾ ਕੇ ਮੱਛਰ ਦਾ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਤੇ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਦੇ ਚਲਾਣ ਲਈ ਸਬੰਧਤ ਵਿਭਾਗ ਨੂੰ ਭੇਜਿਆ ਜਾਂਦਾ ਹੈ।
ਇਸ ਦੇ ਨਾਲ ਹੀ ਪਿੰਡ ਪੱਧਰ 'ਤੇ ਘਰ ਘਰ ਜਾ ਕੇ ਸਿਹਤ ਵਿਭਾਗ ਦੇ ਮਲਟੀਪਰਪਜ ਹੈਲਥ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਦੇ ਬਚਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਿਤੇ ਵੀ ਖਾਲੀ ਥਾਵਾਂ ਅਤੇ ਖਾਲੀ ਬਰਤਨਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਅਤੇ ਕੂਲਰਾਂ ਆਦਿ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ
ਇਸ ਤੋਂ ਇਲਾਵਾ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੇਰੇ ਦੇ ਮੁਖੀ ਕੇਸ਼ਵ ਮੁਨੀ ਜੀ ਨੇ ਵਿਸ਼ੇਸ਼ ਤੌਰ 'ਤੇ ਸਹਿਯੋਗ ਦਿੱਤਾ ਅਤੇ ਇਸ ਦੌਰਾਨ ਡਾ. ਆਸ਼ੂ ਮੈਡੀਕਲ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਕੱਤਰ ਹੋਏ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਮਯੰਕ ਡੀ.ਐਮ.ਸੀ., ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ, ਅਧਿਆਪਕ ਬਲਰਾਜ ਸਿੰਘ, ਗੁਲਾਬ ਸਿੰਘ, ਜਸਮੀਨ ਸਿੰਘ ਤੇ ਸਮੀਰ ਸ਼ਰਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਵਿਜੇ ਮਿੱਢਾ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਸ੍ਰੀ ਸੰਤੋਸ਼ ਭਾਰਤੀ ਐਪੀਡੀਮੈਲੋਜਿਸਟ, ਰਾਮ ਕੁਮਾਰ, ਸੰਜੀਵ ਕੁਮਾਰ, ਬਲਜੀਤ ਸਿੰਘ, ਗੁਰਿੰਦਰ ਜੀਤ, ਕ੍ਰਿਸ਼ਨ ਲਾਲ ਨਰਸਿੰਗ ਵਿਦਿਆਰਥੀ ਮਾਲਵਾ ਕਾਲਜ, ਏ.ਐਨ.ਐਮਜ਼ ਅਤੇ ਆਸ਼ਾ ਵਰਕਰਜ਼ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।