5 Dariya News

"ਯੁੱਧ ਨਸ਼ਿਆ ਵਿਰੁੱਧ" : 1 ਔਰਤ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ 70 ਗ੍ਰਾਮ ਅਫੀਮ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ

ਚੋਰੀ ਕੀਤੇ 6 ਮੋਟਰਸਾਇਕਲ ਬਰਾਮਦ ਕਰਕੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

5 Dariya News

ਰੂਪਨਗਰ 07-Aug-2025

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 1 ਔਰਤ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 70 ਗ੍ਰਾਮ ਅਫੀਮ ਅਤੇ 10 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। 

ਇਸ ਤੋਂ ਇਲਾਵਾ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ 6 ਮੋਟਰਸਾਇਕਲ ਬ੍ਰਾਮਦ ਕੀਤੇ ਗਏ ਅਤੇ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾ ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ ਗਿਆ ਅਤੇ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਕੀਰਤਪੁਰ ਸਾਹਿਬ ਵੱਲੋਂ ਸੰਜਨਾ ਦੇਵੀ ਵਾਸੀ ਪੰਜਪੀਰੀ ਥਾਣਾ ਸਵਾਰਘਾਟ ਜ਼ਿਲ੍ਹਾ ਬਿਲਾਸਪੁਰ ਹਿਮਾਚਲ ਪ੍ਰਦੇਸ਼ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 70 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੋਂ ਜਰਨੈਲ ਸਿੰਘ ਉਰਫ ਜੈਲਾ ਵਾਸੀ ਪਿੰਡ ਗੋਸਲਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ 04 ਅਗਸਤ 2025 ਨੂੰ ਥਾਣਾ ਸਿਟੀ ਰੂਪਨਗਰ ਵਿਖੇ ਚਮਨ ਚਮਨਦੀਪ ਵਾਸੀ ਬੇਲਾ ਮੰਦਰ ਥਾਣਾ ਨਾਲਾਗੜ ਵਲੋ ਸੂਚਨਾ ਦਿੱਤੀ ਕਿ ਵੇਰਕਾ ਬੂਥ ਹੈਡ ਵਰਕਸ ਨਜ਼ਦੀਕ ਉਸ ਦਾ ਮੋਟਰਸਾਇਕਲ ਚੋਰੀ ਹੋ ਗਿਆ ਹੈ, ਜਿਸ ਤੇ ਥਾਣਾ ਸਿਟੀ ਰੂਪਨਗਰ ਵਲੋਂ ਬੀ.ਐਨ.ਐਸ. ਦੀਆਂ ਧਾਰਾਵਾਂ ਅਧੀਨ ਮਕੱਦਮਾ ਨੰਬਰ 209 ਮਿਤੀ 04.08.2025 ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। 

ਤਫਤੀਸ਼ ਦੌਰਾਨ ਥਾਣਾ ਸਿਟੀ ਵਲੋਂ ਮਿਤੀ 06.08.2025 ਨੂੰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ ਚੋਰੀ ਕੀਤੇ 6 ਮੋਟਰਸਾਇਕਲ ਬ੍ਰਾਮਦ ਕੀਤੇ ਗਏ, ਜਿਸ ਵਿੱਚ ਅਗਲੇਰੀ ਤਫਤੀਸ਼ ਜਾਰੀ ਹੈ, ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਰੂਪਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਅਤੇ ਸਮਾਜ ਵਿਰੋਧੀ ਵਿਵਹਾਰ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਕਾਰਡਨ ਅਤੇ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ, ਜਿਸ ਦੋਰਾਨ ਬੱਸ ਸਟੇਡਾਂ, ਰੇਲਵੇ ਸਟੇਸ਼ਨਾ ਅਤੇ ਮਹੱਤਵਪੂਰਨ ਪਬਲਿਕ ਸਥਾਨਾ ਦੀ ਚੈਕਿੰਗ ਵੀ ਕੀਤੀ ਗਈ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਸਬੰਧੀ ਹੈਲਪਲਾਇਨ ਨੰਬਰ 112 'ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ ਅਤੇ ਕਿਹਾ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।