ਨਸ਼ਾ ਮੁਕਤੀ ਯਾਤਰਾ ਨੂੰ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 4 ਵਿੱਚ ਮਿਲਿਆ ਸਾਰਥਕ ਹੁੰਗਾਰਾ
ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣਾ ਅਸੰਭਵ ਨਹੀਂ ਹੈ: ਵਿਧਾਇਕ ਗੈਰੀ ਬੜਿੰਗ
5 Dariya News
ਮੰਡੀ ਗੋਬਿੰਦਗੜ੍ਹ 09-Aug-2025
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 4 ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣਾ ਅਸੰਭਵ ਨਹੀਂ ਹੈ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਦਾ ਤਿਆਗ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼, ਨਾ ਸਿਰਫ਼ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਨਾ ਹੈ, ਬਲਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਖਤਰੇ ਵਿਚ ਪਾਉਣ ਵਾਲੇ ਮਾੜੇ ਅਨਸਰਾਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਵੀ ਸਰਗਰਮ ਰਹਿਣਾ ਹੈ।
ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਸਮੂਹ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਤੋਂ ਬਾਅਦ, ਨਸ਼ੇ ਤੋਂ ਮੁਕਤ ਹੋ ਚੁੱਕੇ ਨਾਗਰਿਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ, ਨੁੱਕੜ ਨਾਟਕ ਅਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਘਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ , ਰਣਜੀਤ ਸਿੰਘ ਪਨਾਗ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਟੜਾ, ਬਲਾਕ ਪ੍ਰਧਾਨ ਦਲਜੀਤ ਸਿੰਘ ਵਿਰਕ, ਥਾਣਾ ਮੁਖੀ ਮਨਪ੍ਰੀਤ ਸਿੰਘ ਦਿਓਲ , ਕਾਰਜ ਸਾਧਕ ਅਫਸਰ ਚੇਤਨ ਸ਼ਰਮਾ, ਡਾ. ਬਿਕਰਮਜੀਤ ਸਿੰਘ, ਰਣਧੀਰ ਸਿੰਘ ਹੈਪੀ , ਅਸ਼ੋਕ ਸ਼ਰਮਾ, ਅਮਿਤ ਠਾਕੁਰ, ਕਨੁ ਸ਼ਰਮਾ, ਨਰੇਸ਼ ਤਲਵਾਰ, ਸਲੀਮ ਖਾਨ, ਅਰਮਾਨ ਖਾਨ, ਸ਼ਹਿਜਾਦ ਖਾਨ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਹਾਜ਼ਰ ਸਨ।