ਹੜ੍ਹ ਪੀੜ੍ਹਤਾਂ ਲਈ 2 ਟਰੱਕ ਰਾਸ਼ਨ ਬਰਨਾਲਾ ਤੋਂ ਰਵਾਨਾ: ਲਾਭ ਸਿੰਘ ਉੱਗੋਕੇ
ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ: ਚੇਅਰਮੈਨ ਭੰਗੂ
5 Dariya News
ਬਰਨਾਲਾ 29-Aug-2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਾਹਤ ਕਾਰਜ ਚੱਲ ਰਹੇ ਹਨ। ਇਸੇ ਤਹਿਤ ਅੱਜ ਮਾਰਕੀਟ ਕਮੇਟੀ ਦਫ਼ਤਰ ਬਰਨਾਲਾ ਤੋਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਅਤੇ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ 2 ਟਰੱਕ ਰਾਸ਼ਨ ਕਿੱਟਾਂ ਦੇ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੇ ਗਏ।
ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਭਾਰੀ ਮਾਰ ਝੱਲ ਰਿਹਾ ਹੈ ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਲੋਂ 1000 ਰਾਸ਼ਨ ਕਿੱਟ ਫਿਰੋਜ਼ਪੁਰ ਲਈ ਅੱਜ ਭੇਜੀ ਗਈ ਹੈ।
ਓਨ੍ਹਾਂ ਕਿਹਾ ਕਿ ਉਹ ਖੁਦ ਵੀ ਆਪਣੇ ਇਕ ਮਹੀਨੇ ਦੀ ਤਨਖ਼ਾਹ ਸਰਕਾਰੀ ਖ਼ਜ਼ਾਨੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਜਮ੍ਹਾਂ ਕਰਾਉਣਗੇ। ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਇਸ ਵੇਲੇ ਦਾਨੀ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਲੋੜ ਹੈ।
ਇਸ ਮੌਕੇ ਤਰਸੇਮ ਸਿੰਘ ਕਾਹਨੇਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ, ਗੁਰਜੋਤ ਸਿੰਘ ਭੱਠਲ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ, ਅੰਮ੍ਰਿਤਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਭਦੌੜ, ਵਿਕਰਮ ਸਿੰਘ ਧਨੌਲਾ, ਲਵਦੀਪ ਸਿੰਘ, ਕੇਵਲ ਕ੍ਰਿਸ਼ਨ ਸ਼ਾਹੀ, ਧਨੌਲਾ ਟਰੱਕ ਯੂਨੀਅਨ ਪ੍ਰਧਾਨ ਬੂਟਾ ਢਿੱਲੋਂ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਬਿਟੂ, ਇੰਦਰਜੀਤ ਸ਼ਰਮਾ ਧਨੌਲਾ, ਕੇਵਲ ਸਿੰਘ ਆਦਿ ਆਗੂ ਅਤੇ ਪਤਵੰਤੇ ਹਾਜ਼ਰ ਸਨ।