5 Dariya News

ਜੀਵਨ ਸਿੰਘ ਸੰਗੋਵਾਲ ਵੱਲੋਂ ਸਤਲੁਜ ਦਰਿਆ ਨੇੜਲੇ ਪਿੰਡਾਂ ਦਾ ਵਿਸ਼ੇਸ਼ ਦੌਰਾ

ਲੋਕਾਂ ਨਾਲ ਗੱਲਬਾਤ ਕਰਦਿਆਂ ਜ਼ਮੀਨੀ ਪੱਧਰ 'ਤੇ ਸਥਿਤੀ ਦੀ ਕੀਤੀ ਸਮੀਖਿਆ

5 Dariya News

ਲੁਧਿਆਣਾ 03-Sep-2025

ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਸਤਲੁਜ ਦਰਿਆ ਨਜਦੀਕ ਪੈਂਦੇ ਇਲਾਕਿਆਂ ਵਿੱਚ ਵਿਸ਼ੇਸ਼ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਜ਼ਮੀਨੀ ਪੱਧਰ 'ਤੇ ਸਥਿਤੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸੰਗੋਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹਰੇਕ ਨਾਜੁਕ ਸਥਿਤੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ।  ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਲੱਗਦੇ ਪਿੰਡਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਮਾਤਮਾ ਦੀ ਕ੍ਰਿਪਾ ਨਾਲ ਹਾਲੇ ਪਾਣੀ ਦਾ ਪੱਧਰ ਘੱਟ ਹੈ ਅਤੇ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਂ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰੇਕ ਪੱਖ ਤੋਂ ਮੱਦਦ ਕੀਤੀ ਜਾ ਰਹੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਹਾਲਾਤ ਸਥਿਰ ਨਹੀਂ ਹੋ ਜਾਂਦੇ। ਉਹਨਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਨਾਲ ਨਜਿੱਠਣ ਲਈ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕ ਪ੍ਰਸ਼ਾਸ਼ਨ ਦਾ ਸਾਥ ਦੇਣ ਕਿਉਂਕਿ ਪੰਜਾਬ ਸਰਕਾਰ ਉਹਨਾਂ ਦੀ ਭਲਾਈ ਲਈ ਵਚਨਬੱਧ ਹੈ।  

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਸਤਲੁਜ ਨਾਲ ਲੱਗਦੇ ਖੇਤਰਾਂ ਵਿੱਚ ਹਾਲਾਤਾਂ ’ਤੇ 24 ਘੰਟੇ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣ-ਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਲੋੜੀਂਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਹਨ।