ਵਿਧਾਇਕ ਰਮਦਾਸ ਵੱਲੋਂ ਅਜਨਾਲਾ ਹਲਕੇ ਦੇ ਪਿੰਡ ਫੱਤੇਵਾਲ ਵਿੱਚ ਵੰਡੀ ਗਈ ਰਾਸ਼ਨ ਸਮੱਗਰੀ
5 Dariya News
ਅਜਨਾਲਾ 06-Sep-2025
ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ। ਪਾਰਟੀ ਦੇ ਹਰ ਵਿਧਾਇਕ, ਨੇਤਾ ਤੇ ਵਲੰਟੀਅਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਘਰ-ਘਰ ਜਾ ਕੇ ਮਦਦ ਪਹੁੰਚਾ ਰਹੇ ਹਨ।ਇਸੇ ਲੜੀ ਤਹਿਤ ਅਟਾਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਫੱਤੇਵਾਲ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਘਰ-ਘਰ ਜਾ ਕੇ ਤਰਪਾਲ਼ਾਂ, ਪਸ਼ੂਆਂ ਲਈ ਫ਼ੀਡ ਅਤੇ ਚੌਕਰ ਵੰਡਿਆ ਗਿਆ।
ਇਸ ਮੌਕੇ ਰਮਦਾਸ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹਨਾ ਅਤੇ ਉਨ੍ਹਾਂ ਦੇ ਸਾਥੀ ਬਣਨਾ ਸਾਡਾ ਸਭ ਤੋਂ ਵੱਡਾ ਫ਼ਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਾਰੇ ਲੀਡਰ ਅਤੇ ਵਲੰਟੀਅਰ ਜ਼ਮੀਨੀ ਪੱਧਰ ‘ਤੇ ਲੋਕਾਂ ਦੇ ਦਰਦ ਵਿੱਚ ਸਾਂਝ ਪਾ ਰਹੇ ਹਨ।ਰਮਦਾਸ ਨੇ ਕਿਹਾ ਕਿ ਪੰਜਾਬ ਵਿੱਚ ਆਈ ਇਹ ਭਿਆਨਕ ਤਰਾਸਦੀ ਸਾਰੇ ਪੰਜਾਬੀਆਂ ਲਈ ਵੱਡੀ ਚੁਣੌਤੀ ਹੈ, ਪਰ ਆਮ ਆਦਮੀ ਪਾਰਟੀ ਲੋਕਾਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਛੱਡੇਗੀ।
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਘੋਸ਼ਣਾ ਬਾਰੇ ਦੱਸਦਿਆਂ ਕਿਹਾ ਕਿ ਹੜ੍ਹ ਪੀੜਤਾਂ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ, ਜਿਸ ਰਾਹੀਂ ਲੋਕਾਂ ਨੂੰ ਆਰਥਿਕ ਮਦਦ ਅਤੇ ਮੁਆਵਜ਼ਾ ਦਿੱਤਾ ਜਾਵੇਗਾ।