ਹੜਾ ਨਾਲ ਹੋਏ ਨੁਕਸਾਨ ਦੀ ਕੱਲ ਤੋਂ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਸ਼ੁਰੂ - ਡਾ. ਬਲਬੀਰ ਸਿੰਘ
ਸਰਕਾਰ ਨੁਕਸਾਨ ਦਾ ਮੁਆਵਜ਼ਾ ਡੇਢ ਮਹੀਨੇ ਦੇ ਅੰਦਰ ਅੰਦਰ ਦੇਵੇਗੀ
5 Dariya News
ਅਜਨਾਲਾ 12-Sep-2025
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੁਣ ਸਿਹਤ ਸੰਭਾਲ ਲਈ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਿਹਤ ਵਿਭਾਗ ਦੇ ਕੈਬਿਨਟ ਮੰਤਰੀ ਸ਼੍ਰੀ ਬਲਬੀਰ ਸਿੰਘ ਨੇ ਪਿੰਡ ਕੋਟ ਗੁਰਬਖਸ਼, ਹਲਕਾ ਅਜਨਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੰਡਦਿਆਂ ਸਪਸ਼ਟ ਕੀਤਾ ਕਿ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੱਲ ਭਾਵ 13 ਸਤੰਬਰ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਕੁਦਰਤ ਨਾਲ ਹੋਏ ਨੁਕਸਾਨ ਨੂੰ ਤਾਂ ਰੋਕਿਆ ਨਹੀਂ ਸੀ ਜਾ ਸਕਦਾ ਪਰ ਹੁਣ ਜੋ ਵੀ ਨੁਕਸਾਨ ਲੋਕਾਂ ਦਾ ਹੋਇਆ ਹੈ ਉਸ ਦਾ ਮੁਆਵਜਾ ਛੇਤੀ ਤੋਂ ਛੇਤੀ ਜਾਰੀ ਕਰ ਦਿੱਤਾ ਜਾਵੇ। ਅੱਜ ਹਲਕਾ ਐਮ.ਐਲ.ਏ ਅਜਨਾਲਾ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਏ ਨੁਕਸਾਨ ਅਤੇ ਹੁਣ ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਉਹਨਾਂ ਕਿਹਾ ਕਿ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਵੀਡੀਓ ਕਾਨਫਰੰਸ ਦੇ ਕੀਤੀ ਮੀਟਿੰਗ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕੁਦਰਤੀ ਆਫ਼ਤ ਨਾਲ ਨਜਿੱਠਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ।
ਉਹਨਾਂ ਅਧਿਕਾਰੀਆਂ ਨੂੰ 13 ਸਤੰਬਰ ਤੋਂ ਸਪੈਸ਼ਲ ਗਿਰਦਾਵਰੀ ਸ਼ੁਰੂ ਕਰਨ ਅਤੇ ਇਸ ਪ੍ਰਕਿਰਿਆ ਨੂੰ 45 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਛੇਤੀ ਤੋਂ ਛੇਤੀ ਦਿੱਤੇ ਜਾ ਸਕਣ। ਉਹਨਾਂ ਕਿਹਾ ਕਿ ਸਾਡੇ ਅਧਿਕਾਰੀ ਸਾਹਿਬਾਨ ਪਿੰਡ-ਪਿੰਡ ਜਾ ਕੇ ਖੇਤਾਂ ਦਾ ਮੁਆਇਨਾ ਕਰਕੇ ਰਿਪੋਰਟ ਤਿਆਰ ਕਰਨਗੇ। ਕਿਸਾਨਾਂ ਨੂੰ ਨੁਕਸਾਨੀ ਗਈ ਹਰ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਹੜ੍ਹਾਂ ਕਾਰਨ ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਵੀ ਭਰਪਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਹੜਾਂ ਕਾਰਨ ਰੁਕੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾ ਲਈ ਸਿਹਤ ਵਿਭਾਗ ਵੱਲੋਂ ਅਪਣਾਈ ਜਾ ਰਹੀ ਪਹੁੰਚ ਦਾ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਤਾਰੀਫ ਕਰਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਜਿੱਥੇ ਬਚਾਓ ਕਾਰਜ ਸਮੇਂ ਸਿਰ ਕਰਕੇ ਸੈਂਕੜੇ ਜਾਨਾਂ ਬਚਾਈਆਂ ਗਈਆਂ ਉੱਥੇ ਹੁਣ ਰਾਹਤ ਦੇ ਨਾਲ ਨਾਲ ਬਿਮਾਰੀ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਵਧੀਆ ਪਹੁੰਚ ਅਪਣਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦਵਾਈਆਂ, ਸਟਾਫ ਦੀ ਘਾਟ ਇਸ ਇਲਾਕੇ ਲਈ ਨਹੀਂ ਆਉਣ ਦੇਵਾਂਗੇ ਤਾਂ ਜੋ ਕੋਈ ਵੀ ਸਮੱਸਿਆ ਇਸ ਇਲਾਕੇ ਵਿੱਚ ਪੈਦਾ ਨਾ ਹੋਵੇ।