5 Dariya News

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਦੋ ਵਾਰਡਾਂ ਦਾ ਕਾਇਆਕਲਪ ਕਰਨ ਦੀ ਮੁਹਿੰਮ ਦਾ ਆਗਾਜ਼

ਵਾਰਡ ਨੰਬਰ 1 ਤੇ 2 ਦੀਆਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ 4 ਮਹੀਨਿਆਂ ਅੰਦਰ ਹੋਵੇਗਾ ਮੁਕੰਮਲ

5 Dariya News

ਮੰਡੀ ਗੋਬਿੰਦਗੜ੍ਹ 24-Sep-2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਕਾਇਆਕਲਪ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਵਿਧਾਇਕ ਅਮਲੋਹ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 1 ਤੇ 2 ਵਿੱਚ ਲਗਭਗ 1.43 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰਸਮੀ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਮਲੋਹ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਹੋਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ।

ਵਿਧਾਇਕ ਗੈਰੀ ਬੜਿੰਗ ਨੇ ਵਾਰਡ ਨੰਬਰ 1 ਵਿਖੇ 92 ਲੱਖ ਰੁਪਏ ਦੀ ਲਾਗਤ ਨਾਲ ਅਤੇ ਵਾਰਡ ਨੰਬਰ 2 ਵਿਖੇ 33.94 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਨਿਰਮਾਣ ਕਾਰਜਾਂ ਨੂੰ ਅਗਲੇ 3 ਤੋਂ 4 ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰਵਾਇਆ ਜਾਵੇ ਅਤੇ ਨਿਰਮਾਣ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਵਿਧਾਇਕ ਗੈਰੀ ਬੜਿੰਗ ਨੇ ਵਾਰਡ ਨੰਬਰ 2 ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਰਾਂਡੇ, ਸ਼ੈਡ ਅਤੇ ਕੱਚੇ ਰਾਹਾਂ ਨੂੰ ਪੱਕਾ ਕਰਨ ਦਾ ਕੰਮ ਵੀ ਆਰੰਭ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਕਾਰਜ 16.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਅਤੇ ਤਿੰਨ ਮਹੀਨਿਆਂ ਅੰਦਰ ਮੁਕੰਮਲ ਹੋ ਜਾਣਗੇ ਜਿਸ ਨਾਲ ਵਿਦਿਆਰਥੀ ਤੇ ਅਧਿਆਪਕ ਰਾਹਤ ਮਹਿਸੂਸ ਕਰਨਗੇ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਰਣਜੀਤ ਸਿੰਘ ਪਨਾਗ, ਬਲਾਕ ਪ੍ਰਧਾਨ ਨਰੇਸ਼ ਸ਼ਰਮਾ, ਬਲਾਕ ਪ੍ਰਧਾਨ ਅਮਨਿੰਦਰ ਸਿੰਘ ਗਰੇਵਾਲ, ਕੌਂਸਲਰ ਪੂਜਾ ਰਾਣੀ, ਬਲਦੇਵ ਸ਼ਰਮਾ, ਅਦਿਤਿਆ ਪਾਂਡੇ, ਨਰਿੰਦਰ ਭਾਟੀਆ, ਬਲਵਿੰਦਰ ਖੰਨਾ, ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਵਾਰਡਾਂ ਦੇ ਵਸਨੀਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।