5 Dariya News

ਜਗਦੀਪ ਕੰਬੋਜ ਗੋਲਡੀ ਤੇ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦਾਣਾ ਮੰਡੀ ਜਲਾਲਾਬਾਦ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖਰੀਦ ਕੇਂਦਰਾਂ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਜਗਦੀਪ ਕੰਬੋਜ ਗੋਲਡੀ

5 Dariya News

ਜਲਾਲਾਬਾਦ 03-Oct-2025

ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦਾਣਾ ਮੰਡੀ 'ਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁਕਿਆ ਜਾਵੇਗਾ ਤੇ ਕਿਸੇ ਕਿਸਾਨ ਭਰਾ ਨੂੰ ਖਜਲ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਇਕ ਸ੍ਰੀ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਨਾਲੋਂ ਨਾਲ ਖਰੀਦ ਕਰਕੇ ਕਿਸਾਨਾਂ ਨੂੰ ਉਹਨਾਂ ਦੀ ਬਣਦੀ ਰਕਮ 48 ਘੰਟੇ ਵਿੱਚ ਅਦਾ ਕਰਨ ਲਈ ਵਚਨਬੱਧ ਹੈ। 

ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਕਰਨ ਦੌਰਾਨ ਕਿਸੇ ਵੀ ਕਿਸਾਨ ਆੜਤੀਏ ਜਾਂ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਵੇ। ਐਸ ਡੀ ਐਮ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਵੇਗੀ।

ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਸੌਰਵ ਕੁਮਾਰ, ਮਾਰਕੀਟ ਕਮੇਟੀ ਚੇਅਰਮੈਨ ਦੇਵਰਾਜ ਸ਼ਰਮਾ ਆਦਿ ਹਾਜ਼ਰ ਸਨ।