5 Dariya News

ਪਲਸ ਪੋਲੀਓ ਮੁਹਿੰਮ ਦੀ ਜਾਗਰੂਕਤਾ ਲਈ ਪ੍ਰਚਾਰ ਵਾਹਨਾਂ ਨੂੰ ਵਿਖਾਈ ਹਰੀ ਝੰਡੀ

12 ਅਕਤੂਬਰ ਨੂੰ ਸ਼ੁਰੂ ਹੋਵੇਗਾ ਪਲਸ ਪੋਲੀਓ ਰਾਊਂਡ, 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

5 Dariya News

ਤਰਨ ਤਾਰਨ 10-Oct-2025

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਅਤੇ ਡਾਇਰੈਕਟਰ, ਸਿਹਤ ਸੇਵਾਵਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ ਰੇਖ ਹੇਠ ਐਤਵਾਰ ਨੂੰ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਪਲਸ ਪੋਲੀਓ ਰਾਊਂਡ ਦੇ ਸੰਬੰਧ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰਚਾਰ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਆਏ ਸਿਹਤ ਕਰਮੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਪ੍ਰਚਾਰ ਵਾਹਨ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਆਉਣ ਵਾਲੀ 12 ਅਕਤੂਬਰ ਦਿਨ ਐਤਵਾਰ ਨੂੰ ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਰਾਊਂਡ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਪ੍ਰਚਾਰ ਵਾਹਨਾਂ ਨੂੰ ਭੇਜਣ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਇਸ ਮੁਹਿੰਮ ਬਾਰੇ ਜਾਣੂ ਕਰਵਾਉਣਾ ਹੈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਤਵਾਰ ਨੂੰ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਬੂਥ ਲਗਾ ਕੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਬਣਾਈਆਂ ਜਾਣਗੀਆਂ।

ਇਸ ਤੋਂ ਬਾਅਦ ਸੋਮਵਾਰ ਅਤੇ ਮੰਗਲਵਾਰ ਨੂੰ ਸਿਹਤ ਕਰਮੀਆਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇਸ ਵਾਰ ਦੇ ਪਲਸ ਪੋਲੀਓ ਰਾਉਂਡ ਦੌਰਾਨ 0 ਤੋਂ 5 ਸਾਲ ਦੇ ਲਗਭਗ 144713 ਬੱਚਿਆਂ ਨੂੰ 580 ਬੂਥ ਲਗਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕੇ ਸਿਹਤ ਵਿਭਾਗ ਵੱਲੋਂ 32 ਟਰਾਂਜਿਟ ਬੂਥ ਅਤੇ 40 ਮੋਬਾਈਲ ਟੀਮਾਂ ਰਾਹੀਂ ਹਾਈ ਰਿਸਕ ਵਾਲੇ ਖੇਤਰਾਂ ਜਿਵੇਂ ਝੁਗੀਆਂ, ਇੱਟਾਂ ਦੇ ਭੱਠੇ, ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਸਬੰਧੀ ਆਈ.ਈ.ਸੀ ਸਮਾਨ ਵੀ ਵੰਡ ਦਿੱਤਾ ਗਿਆ ਹੈ ਤਾਂ ਜੋ ਸਿਹਤ ਕਰਮੀਆਂ ਵੱਲੋਂ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸਤਵਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਪ੍ਰੋਗਰਾਮ ਅਫ਼ਸਰ ਡਾ. ਅਵਲੀਨ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਫਾਰਮੇਸੀ ਅਫ਼ਸਰ ਅਰਵਿੰਦਰ ਸਿੰਘ, ਵਰਿੰਦਰਪਾਲ ਸਿੰਘ, ਕੰਪਿਊਟਰ ਸਹਾਇਕ ਸੰਦੀਪ ਸਿੰਘ ਆਦਿ ਮੌਜੂਦ ਸਨ।