5 Dariya News

ਪੰਜਾਬ ਸਰਕਾਰ ਨੇ ਹੜ ਪੀੜਤਾਂ ਦੀ ਮਦਦ ਦਾ ਪੂਰਾ ਕੀਤਾ ਵਾਅਦਾ : ਦਲਬੀਰ ਸਿੰਘ ਟੌਂਗ

ਕਿਹਾ ਮਾਨ ਸਰਕਾਰ ਲੋਕਾਂ ਦੇ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ

5 Dariya News

ਅੰਮ੍ਰਿਤਸਰ 16-Oct-2025

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਸਿਰਫ਼ 30 ਦਿਨਾਂ ਵਿੱਚ ਪੂਰਾ ਕਰਕੇ ਸੰਵੇਦਨਸ਼ੀਲ ਪ੍ਰਸ਼ਾਸਨ ਦੀ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਆਪਣੇ ਹਲਕੇ ਦੇ ਪਿੰਡ ਸੇਰੌਂ ਬਾਘਾ, ਸੇਰੋਂ ਨਿਗਾਹ ਅਤੇ ਮਹਿਤਾਬ ਕੋਟ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ 50 ਲੱਖ ਰੁਪਏ ਤੋਂ ਵੱਧ ਮੁਆਵਜਾ ਰਾਸ਼ੀ ਵੰਡਣ ਸਮੇਂ ਕੀਤਾ। 

ਸ੍ਰ ਟੌਂਗ ਨੇ ਪੀੜਤ ਪਰਿਵਾਰਾਂ ਨੂੰ ਕਿਹਾ ਕਿ ਇਹ ਰਾਸ਼ੀ ਅੱਜ ਹੀ ਤੁਹਾਡੇ ਖਾਤਿਆਂ ਵਿੱਚ ਪਹੁੰਚ ਜਾਵੇਗੀ ਅਤੇ ਤੁਹਾਨੂੰ ਇਯ ਦਾ ਐਸ:ਐਮ:ਐਸ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਖੁਦ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ਵਿੱਚ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ, ਜਿੱਥੇ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡੇ ਗਏ। 

ਦੇਸ਼ ਵਿੱਚ ਪਹਿਲੀ ਵਾਰ ਕਿਸੇ ਰਾਜ ਸਰਕਾਰ ਨੇ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਤੱਕ ਦਾ ਮੁਆਵਜ਼ਾ ਦਿੱਤਾ ਹੈ। ਸ੍ਰ ਟੌਂਗ  ਨੇ ਕਿਹਾ ਕਿ ਪੰਜਾਬ ਸਰਕਾਰ ਹਰ ਖੁਸ਼ੀ ਅਤੇ ਦੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ। ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਲਈ ਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਮੁਆਵਜ਼ਾ ਵੰਡਿਆ ਜਾ ਰਿਹਾ ਹੈ, ਜਿਸ ਨਾਲ ਸਾਰੇ ਯੋਗ ਵਿਅਕਤੀਆਂ ਤੱਕ ਤੁਰੰਤ ਪਹੁੰਚ ਯਕੀਨੀ ਬਣਾਈ ਜਾ ਸਕੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਰਾਹਤ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਆਪਣਾ ਹੱਕ ਪ੍ਰਾਪਤ ਕਰਨ ਲਈ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਨਤਕ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਸ ਮੌਕੇ ਨਾਇਬ ਤਹਿਸੀਲਦਾਰ ਗੁਰਨੈਬ ਸਿੰਘ, ਕਾਨੂੰਗੋ ਸੁਖਦੇਵ ਰਾਜ, ਪਟਵਾਰੀ ਸੇਰੋਂ ਬਾਘਾ, ਸ੍ਰ ਰਵਿੰਦਰਪਾਲ ਸਿੰਘ, ਜਗਦੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜਰ ਸਨ।