5 Dariya News

ਵਿਧਾਨ ਸਭਾ ਦੀ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਲਈ ਭਲਾਈ ਕਮੇਟੀ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਇੰਜ. ਅਮਿਤ ਰਤਨ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਅਧਿਕਾਰੀਆਂ ਨਾਲ ਬੈਠਕ

5 Dariya News

ਅੰਮ੍ਰਿਤਸਰ 29-Oct-2025

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤਬਕਿਆਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਕੋਈ  ਵਾਂਝਾ ਨਾ ਰਹੇ।

ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਸ਼ਾਮਲ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਐਮ.ਐਲ.ਏ. ਮਾਸਟਰ ਜਗਸੀਰ ਸਿੰਘ ਅਤੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਵਿਧਾਨ ਸਭਾ ਦੀ ਇਸ ਉਚ ਪੱਧਰੀ ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ।

ਸਭਾਪਤੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ,''ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਦੱਬੇ ਕੁਚਲੇ ਲੋਕਾਂ ਨੂੰ ਉਪਰ ਉਠਾਉਣ ਲਈ ਮਿੱਲ ਕੇ ਕੰਮ ਕਰੀਏ।'' ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਵਿਸ਼ੇਸ਼ ਕੈਂਪ ਲਗਾਕੇ ਲੋਕਾਂ ਨੂੰ ਜਾਗਰੂਕ ਕਰਕੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜਰੂਰ ਪਹੁੰਚਾਇਆ ਜਾਵੇ।

ਵਿਧਾਨ ਸਭਾ ਕਮੇਟੀ ਨੇ ਇਸ ਮੌਕੇ ਕੁਝ ਵਿਭਾਗੀ ਅਧਿਕਾਰੀਆਂ ਵੱਲੋਂ ਸੂਚਨਾ ਪੂਰੀ ਨਾ ਮੁਹੱਈਆ ਕਰਵਾਉਣ ਦਾ ਨੋਟਿਸ ਲਿਆ ਤੇ ਅਜਿਹੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਮੇਟੀ ਦੀ ਅਗਲੀ ਮੀਟਿੰਗ ਲਈ ਚੰਡੀਗੜ੍ਹ ਵਿਧਾਨ ਸਭਾ ਵਿਖੇ ਤਲਬ ਕੀਤਾ। ਵਿਧਾਇਕਾਂ ਨੇ ਕਈ ਵਿਭਾਗਾਂ ਤੋਂ ਪਿਛਲੇ ਸਾਢੇ ਤਿੰਨ ਸਾਲਾਂ ਦੇ ਕੀਤੇ ਕੰਮਾਂ ਦਾ ਵੇਰਵਾ ਵੀ ਤਲਬ ਕੀਤਾ ਅਤੇ ਦਿੱਤੇ ਨਿਰਦੇਸ਼ਾਂ 'ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਸੌਂਪਣ ਦੇ ਨਿਰਦੇਸ਼ ਦਿੱਤੇ। 

ਕਮੇਟੀ ਨੇ ਹਦਾਇਤ ਕੀਤੀ ਕਿ ਐਸ.ਸੀਜ, ਐਸ.ਟੀਜ ਤੇ ਬੀ.ਸੀਜ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸਭਾਪਤੀ ਨੇ ਅੰਮ੍ਰਿਤਸਰ ਸ਼ਹਿਰੀ ਪੁਲਿਸ ਅਤੇ ਦਿਹਾਤੀ ਪੁਲਿਸ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਐਟਰੋਸਿਟੀ ਕੇਸਾਂ ਸਬੰਧੀ ਰਿਪੋਰਟ ਲੈ ਕੇ ਸੱਤ ਦਿਨਾਂ ਦੇ ਅੰਦਰ ਅੰਦਰ ਚੰਡੀਗੜ੍ਹ ਵਿਖੇ ਕਮੇਟੀ ਨੂੰ ਰਿਪੋਰਟ ਕਰਨ। 

ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਐਟਰੋਸਿਟੀ ਕੇਸਾਂ ਵਿੱਚ ਦਰਜ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।  ਵਿਧਾਨ ਸਭਾ ਕਮੇਟੀ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ। 

ਉਨਾਂ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਬਣਦੀ ਸ਼ਕਾਲਰਸ਼ਿਪ ਸਮੇਂ ਸਿਰ ਮੁਹੱਈਆ ਕਰਵਾਉਣ ਅਤੇ ਕਿਤਾਬਾਂ ਦੀ ਵੰਡ ਵੀ ਠੀਕ ਢੰਗ ਨਾਲ ਕੀਤੀ ਜਾਵੇ। ਉਨਾਂ ਕਿਹਾ ਕਿ ਕੋਈ ਵੀ ਬੱਚਾ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।

ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਮੇਟੀ ਦਾ ਸਵਾਗਤ ਕੀਤਾ ਤੇ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਡੀ.ਆਈ.ਜੀ. ਸ੍ਰੀ ਸੰਦੀਪ ਗੋਇਲ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਦਿਹਾਤੀ ਸ: ਮਨਿੰਦਰ ਸਿੰਘ, ਕਮੇਟੀ ਦੇ ਮੈਂਬਰ ਡਾ. ਨਛੱਤਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ  (ਜਨਰਲ), ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ (ਪੇਂਡੂ ਵਿਕਾਸ), ਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪੱਲਵ ਸ਼੍ਰੇਸ਼ਠਾ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ: ਕੰਵਲਜੀਤ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਸੈਮਸਨ ਮਸੀਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।