ਬੈਡਮਿੰਟਨ ਚੈਂਪੀਅਨਸ਼ਿਪ: ਵਿਜੈ ਸਿੰਗਲਾ ਤੇ ਨਵਜੋਤ ਕੌਰ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ
5 Dariya News
ਮਾਨਸਾ 31-Oct-2025
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਮਾਨਸਾ ਵੱਲੋਂ ਕਰਵਾਈ ਜਾ ਰਹੀ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਦੇ ਖਿਡਾਰੀਆਂ ਨੇ ਵਧ ਚੜ੍ਹ ਕੇ ਭਾਗ ਲਿਆ, ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਰਹੇ।
ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਹੁਨਮੰਦ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਖਿਡਾਰੀ ਭਾਗ ਲੈ ਰਹੇ ਹਨ।
ਉਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਮਾਂ ਬਾਪ, ਆਪਣੇ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਭਾਗ ਲੈ ਰਹੇ ਬੱਚੇ ਵਧੀਆ ਸਪੋਰਟਸਪਰਸਨ ਬਣਨ।
ਉਨ੍ਹਾਂ ਕਿਹਾ ਕਿ ਬੈਡਮਿੰਟਨ ਐਸੋਸੀਏਸ਼ਨ ਦਾ ਇਲਾਕੇ ਲਈ ਇਹ ਵਧੀਆ ਉਪਰਾਲਾ ਅਤੇ ਮੌਕਾ ਹੈ, ਸਾਰੇ ਖਿਡਾਰੀਆਂ ਨੂੰ ਇਸ ਮੌਕੇ ਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਬਲਜੀਤ ਸਿੰਘ ਬਾਜਵਾ, ਸਕੱਤਰ ਐਡਵੋਕੇਟ ਹਰਿੰਦਰ ਸ਼ਰਮਾ, ਪ੍ਰੈਸ ਸਕੱਤਰ ਰਾਮ ਕ੍ਰਿਸ਼ਨ ਚੁੱਘ ਤੋਂ ਇਲਾਵਾ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।