ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ
5 Dariya News
ਫਤਹਿਗੜ੍ਹ ਸਾਹਿਬ 04-Nov-2025
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਲੜੀ ਤਹਿਤ ਅੱਜ ਸ਼ਾਮ ਖੇਡ ਸਟੇਡੀਅਮ ਮਾਧੋਪੁਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕੀਤੀ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਮਹੀਨਾ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ । ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਅਤੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਆਯੋਜਿਤ ਇਸ ਲਾਈਟ ਐਂਡ ਸਾਊਂਡ ਸ਼ੋਅ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇ਼ ਉਪਰਾਲੇ ਲਈ ਧੰਨਵਾਦ ਕੀਤਾ। ਸਮਾਗਮ ਦੀ ਸ਼ੁਰੂਆਤ ਵਿੱਚ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਵਰ੍ਹਦੇ ਮੀਂਹ ਵਿੱਚ ਵੀ ਹਜ਼ਾਰਾਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਨੰਦ ਮਾਣਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਥਿੰਦ, ਐਸਐਸਪੀ ਸ਼ੁਭਮ ਅਗਰਵਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਰਾਜਸੀ ਆਗੂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।