5 Dariya News

ਦੁਬਈ ਤੋਂ ਖੰਨਾ ਦੇ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

5 Dariya News

ਅੰਮ੍ਰਿਤਸਰ 12-Nov-2025

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਨਾਲ ਸਬੰਧਿਤ 50 ਸਾਲਾ  ਅਸ਼ੋਕ ਕੁਮਾਰ ਪੁੱਤਰ ਗਿਰਧਾਰੀ ਲਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ,ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ  ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਅਸ਼ੋਕ ਕੁਮਾਰ ਆਪਣੇ ਪਰਿਵਾਰ ਦੀ ਬਿਹਤਰੀ ਲਈ ਕਰੀਬ ਪਿਛਲੇ 7 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਅਸ਼ੋਕ ਕੁਮਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਬੀਤੀ 26 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਸ਼ੋਕ ਕੁਮਾਰ ਦੀ ਦੁਬਈ ਅੰਦਰ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ  ਮੁਤਾਬਿਕ ਅਸ਼ੋਕ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਦੁਬਈ ਸਥਿਤ ਭਾਰਤੀ ਦੂਤਾਵਾਸ ਵੱਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਜ਼ਰੂਰਤ ਹੈ। 

ਸੋ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਲੁਧਿਆਣਾ ਜ਼ਿਲ੍ਹੇ ਦੀ ਟੀਮ ਵੱਲੋਂ ਜਲਦ ਹੀ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਅਸ਼ੋਕ ਕੁਮਾਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਅਸ਼ੋਕ ਕੁਮਾਰ ਦੇ ਪੁੱਤਰ ਚਿਰਾਗ ਸ਼ਰਮਾ ਤੇ ਪੰਕਜ਼ ਸ਼ਰਮਾ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਵੀ ਕੀਤਾ।