5 Dariya News

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀਨਗਰ ਤੋਂ ਜੰਮੂ, ਪਠਾਨਕੋਟ ਹੁਸ਼ਿਆਰਪੁਰ, ਗੜ੍ਹਸ਼ੰਕਰ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤੀ

5 Dariya News

ਸ੍ਰੀ ਅਨੰਦਪੁਰ ਸਾਹਿਬ 23-Nov-2025

ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਨਗਰ ਕੀਰਤਨ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਓ ਭੇਂਟ ਕੀਤਾ ਗਿਆ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਉ. ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸਸ਼ੋਭਿਤ ਕੀਤਾ। ਸ੍ਰੀਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਇਸ ਨਗਰ ਕੀਰਤਨ ਵਿੱਚ ਸ਼ਾਮਲ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਦਵਿੰਦਰ ਸਿੰਘ, ਬਹਾਦਰ ਸਿੰਘ ਸਮੇਤ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਭਾਈ ਬਚਿੱਤਰ ਸਿੰਘ ਗੱਤਕਾ ਅਖਾੜਾ ਹਠੂਰ ਦੇ ਨੌਜਵਾਨਾਂ ਵਲੋਂ ਉਸਤਾਦ ਹਰਪ੍ਰੀਤ ਸਿੰਘ ਦੀ ਦੇਖ ਰੇਖ ਵਿੱਚ 544 ਕਿਲੋਮੀਟਰ ਲੰਬੇ ਨਗਰ ਕੀਰਤਨ ਦੇ ਮਾਰਗ 'ਤੇ ਗੱਤਕੇ ਦੇ ਜੌਹਰ ਵਿਖਾਏ। ਗੱਤਕਾ ਅਖਾੜੇ ਦੇ ਨੌਜਵਾਨਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਗੱਤਕੇ ਦਾ ਸ਼ਾਨਦਾਰ ਅਖਾੜਾ ਲਗਾਇਆ ਗਿਆ ਇਸ ਤੋਂ ਇਲਾਵਾ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਤਰਨਾ ਦਲ ਮੁੱਖੀ ਬਾਬਾ ਸਿੰਘ ਸਾਹਿਬ ਬਾਬਾ ਗੁਰਦੇਵ ਸਿੰਘ ਵਲੋਂ ਇਸ ਨਗਰ ਕੀਰਤਨ ਵਿੱਚ ਵੱਡੀ ਸੇਵਾ ਨਿਭਾਈ ਗਈ।

ਇਸ ਨਗਰ ਕੀਰਤਨ ਦੇ ਮਾਰਗ ਤੇ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੰਗਤਾਂ ਵਲੋਂ ਥਾਂ ਥਾਂ ਸਵਾਗਤ ਕੀਤੇ ਗਏ। ਇਹ ਨਗਰ ਕੀਰਤਨ 22 ਨਵੰਬਰ 2025 ਗੁਰਦੁਆਰਾ ਸ੍ਰੀ ਰਾਮਪੁਰ ਖੇੜਾ ਤੋਂ ਆਰੰਭ ਹੋਇਆ ਸੀ ਜਿਸ ਨੂੰ ਹੁਸ਼ਿਆਰਪੁਰ ਤੱਕ ਦਾ 25 ਕਿਲੋਮੀਟਰ ਦੂਰ ਤੈਅ ਕਰਨ ਵਿੱਚ 15 ਘੰਟੇ ਦੇ ਕਰੀਬ ਲੱਗੇ।

ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਵਿੱਚ ਥਾਂ ਥਾਂ ਤੇ ਲੰਗਰ ਲਗਾਏ ਗਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਮਹਾਨ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ 19 ਨਵੰਬਰ ਨੂੰ ਸ੍ਰੀਨਗਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਜੰਮੂ, ਪਠਾਨਕੋਟ ਹੁਸ਼ਿਆਰਪੁਰ, ਗੜ੍ਹਸ਼ੰਕਰ ਝੱਜ ਚੌਂਕ ਤੋਂ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ।