5 Dariya News

ਮੁੱਖ ਮੰਤਰੀ ਤੀਰਥ ਯਾਤਰਾ : ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਕਰਾਏ ਜਾ ਰਹੇ ਹਨ ਦਰਸ਼ਨ : ਗੁਰਪ੍ਰੀਤ ਸਿੰਘ ਬਣਾਂਵਾਲੀ

5 Dariya News

ਮਾਨਸਾ 27-Nov-2025

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਅੱਜ ਇਸ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਬੱਸਾਂ ਰਵਾਨਾ ਹੋਈਆਂ। ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਦੇ ਪਹਿਲੇ ਜਥੇ ਨੂੰ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਖੋਖਰ ਕਲਾਂ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਅਜੀਤ ਪਾਲ ਸਿੰਘ ਚਹਿਲ ਤੋਂ ਇਲਾਵਾ ਸਰਪੰਚ, ਪੰਚ ਤੇ ਪਿੰਡ ਵਾਸੀ ਮੌਜੂਦ ਸਨ। ਇਸੇ ਤਰ੍ਹਾਂ ਹਲਕਾ ਮਾਨਸਾ ਵਿਖੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸਿੰਗਲਾ ਵੱਲੋਂ ਪਿੰਡ ਅਕਲੀਆ ਤੋਂ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਹੋਰ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ ਗਿਆ। 

ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਅਤੇ ਪਿੰਡ ਅਕਲੀਆ ਦੀ ਸਮੂਹ ਨਗਰ ਪੰਚਾਇਤ ਵੀ ਮੌਜੂਦ ਸੀ। ਬੁਢਲਾਡਾ ਹਲਕੇ ਦੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਕਰਨ ਮੌਕੇ ਐਸ.ਡੀ.ਐਮ.ਬੁਢਲਾਡਾ ਸ. ਗਗਨਦੀਪ ਸਿੰਘ ਮੌਜੂਦ ਸਨ। ਬੱਸਾਂ ਰਵਾਨਾ ਕਰਨ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਹਰ ਵਰਗ ਦੇ ਲੋਕਾਂ ਲਈ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਜਿੱਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਗਿਆ, ਉਥੇ ਹੀ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।