5 Dariya News

ਮੁੱਖ ਮੰਤਰੀ ਤੀਰਥ ਯਾਤਰਾ : ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ

ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਹੁੰਚੇ 129 ਸ਼ਰਧਾਲੂ

5 Dariya News

ਮਾਨਸਾ 28-Dec-2025

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਤੋਂ ਕੱਲ ਬੱਸਾਂ ਰਵਾਨਾ ਹੋਈਆਂ ਜਿਨ੍ਹਾਂ ਵਿਚ 129 ਸ਼ਰਧਾਲੂਆਂ ਦਾ ਜਥਾ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗਿਆ। ਹਲਕਾ ਮਾਨਸਾ ਦੇ ਪਿੰਡ ਰੜ ਤੋਂ 42, ਸਰਦੂਲਗੜ੍ਹ ਦੇ ਖੋਖਰ ਕਲਾਂ ਤੋਂ 42 ਅਤੇ ਬੁਢਲਾਡਾ ਦੇ ਹੀਰੋਂ ਖੁਰਦ ਤੋਂ 45 ਸ਼ਰਧਾਲੂ ਇਸ ਯਾਤਰਾ ਲਈ ਗਏ ਹਨ।

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਯੋਜਨਾ ਹਰ ਵਰਗ ਦੇ ਲੋਕਾਂ ਲਈ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ।

ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਜਿੱਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਗਿਆ, ਉਥੇ ਹੀ ਸ਼ਰਧਾਲੂਆਂ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ।