5 Dariya News

ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ ਦੀ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੀਤੀ ਅਗਵਾਈ

ਪਿੰਡ ਸਲੇਮਪੁਰ ’ਚ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ’ਚ ਵੱਡੀ ਗਿਣਤੀ ਪਿੰਡ ਵਾਸੀਆਂ ਕੀਤੀ ਸ਼ਮੂਲੀਅਤ

5 Dariya News

ਧੂਰੀ 21-Jan-2026

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਧੂਰੀ ਹਲਕੇ ਦੇ ਪਿੰਡ ਸਲੇਮਪੁਰ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ, ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰਾਂ, ਵਾਰਡ ਪਹਿਰੇਦਾਰਾਂ ਅਤੇ ਵੱਡੀ ਗਿਣਤੀ ਸਥਾਨਕ ਵਸਨੀਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। 

ਪੈਦਲ ਯਾਤਰਾ ਦੌਰਾਨ “ਨਸ਼ੇ ਛੱਡੋ, ਕੋਹੜ ਵੱਢੋ” ਵਰਗੇ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਗੇੜ ਤਹਿਤ ਘਰ-ਘਰ ਤੱਕ ਪਹੁੰਚ ਬਣਾਈ ਜਾ ਰਹੀ ਹੈ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਾਥ ਜ਼ਰੂਰੀ ਹੈ, ਇਸ ਲਈ ਲੋਕ ਇਸ ਮੁਹਿੰਮ ਨਾਲ ਵਧ-ਚੜ੍ਹ ਕੇ ਜੁੜਨ। ਉਨ੍ਹਾਂ ਦੱਸਿਆ ਕਿ ਧੂਰੀ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਅਤੇ ਘਰ-ਘਰ ਸੰਪਰਕ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਸਮਾਜਕ ਬਦਲਾਅ ਲਈ ਚੰਗਾ ਸੰਕੇਤ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ੇ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੁੰਦੇ, ਸਗੋਂ ਇਹ ਮੁਸ਼ਕਿਲਾਂ ਨੂੰ ਹੋਰ ਵਧਾਉਂਦੇ ਹਨ। ਇਸ ਲਈ ਨਸ਼ੇ ਦੇ ਆਦੀਆਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਦਾ ਪੂਰਾ ਸਾਥ ਦੇਣ। ਇਸ ਮੌਕੇ ਸਰਪੰਚ ਭੀਮ ਸਿੰਘ, ਚੇਅਰਮੈਨ ਪੀ.ਏ.ਡੀ.ਬੀ. ਸ਼ੇਰਪੁਰ ਤਰਲੋਚਨ ਸਿੰਘ, ਮਨਪ੍ਰੀਤ ਮਨੀ, ਜਗਤਾਰ ਸਿੰਘ, ਹਰਮੇਲ ਸਿੰਘ, ਹਰਜਿੰਦਰ ਸਿੰਘ ਕਾਕਾ, ਹਰਪਾਲ ਸਿੰਘ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।