ਯੂਰੀਆ ਦੀ ਉਦਯੋਗਿਕ ਵਰਤੋਂ ਰੋਕਣ ਲਈ ਡਾ. ਸੋਨਾ ਥਿੰਦ ਵੱਲੋਂ ਸਖ਼ਤ ਹਦਾਇਤਾਂ
ਖੇਤੀਬਾੜੀ ਗ੍ਰੇਡ ਯੂਰੀਆ ਦੀ ਕਾਲਾਬਾਜ਼ਾਰੀ ਰੋਕਣ ਲਈ ‘ਜ਼ਿਲ੍ਹਾ ਪੱਧਰੀ ਨਿਗਰਾਨ ਟੀਮਾਂ’ ਦਾ ਗਠਨ
5 Dariya News
ਫ਼ਤਹਿਗੜ੍ਹ ਸਾਹਿਬ 23-Jan-2026
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਦਿਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਖੇਤੀਬਾੜੀ ਲਈ ਮਿਲਣ ਵਾਲੇ ਸਬਸਿਡੀ ਵਾਲੇ ਯੂਰੀਆ ਦੀ ਕਿਸੇ ਵੀ ਕੀਮਤ 'ਤੇ ਉਦਯੋਗਿਕ ਖੇਤਰ ਵਿੱਚ ਦੁਰਵਰਤੋਂ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੇ ਹੱਕ ਦੀ ਖਾਦ ਨੂੰ ਦੂਜੇ ਪਾਸੇ ਭੇਜਣ ਵਾਲਿਆਂ (ਡਾਇਵਰਸ਼ਨ) ਖ਼ਿਲਾਫ਼ ਪ੍ਰਸ਼ਾਸਨ ਸਖ਼ਤੀ ਨਾਲ ਨਿਪਟੇਗਾ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਯੂਰੀਆ ਦੀ ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ‘ਜ਼ਿਲ੍ਹਾ ਪੱਧਰੀ ਨਿਗਰਾਨ ਗਰੁੱਪ’ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਪਲਾਈਵੁੱਡ ਫੈਕਟਰੀਆਂ ਅਤੇ ਪਸ਼ੂ ਖ਼ੁਰਾਕ ਬਣਾਉਣ ਵਾਲੇ ਉਦਯੋਗਾਂ ਦੀ ਅਚਨਚੇਤ ਚੈਕਿੰਗ ਕਰਨਗੀਆਂ।
ਜੇਕਰ ਕੋਈ ਉਦਯੋਗਿਕ ਇਕਾਈ ਖੇਤੀਬਾੜੀ ਵਾਲਾ ਯੂਰੀਆ ਵਰਤਦੀ ਪਾਈ ਗਈ, ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਬਸਿਡੀ ਵਾਲੀ ਖਾਦ ਸਿਰਫ਼ ਕਿਸਾਨਾਂ ਦੀਆਂ ਫ਼ਸਲਾਂ ਲਈ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਖਾਦ ਦੀ ਡਾਇਵਰਸ਼ਨ ਜਾਂ ਜਮ੍ਹਾਂਖੋਰੀ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਚੈਕਿੰਗ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਰੋਜ਼ਾਨਾ ਰਿਪੋਰਟ ਪੇਸ਼ ਕਰਨ।