ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਜਲਿਆਂਵਾਲਾ ਬਾਗ ਵਿਖੇ ਦਿੱਤੀ ਸ਼ਰਧਾਂਜਲੀ
ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ
5 Dariya News
ਅੰਮ੍ਰਿਤਸਰ 30-Jan-2026
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਦੇਸ਼ ਤੇ ਕੌਮ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11 ਵਜੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਪੁਲਿਸ ਜਵਾਨਾਂ ਨੂੰ ਬਿਗਲ ਵਜਾਇਆ ਗਿਆ ਅਤੇ ਦੋ ਮਿੰਟ ਲਈ ਮੋਨ ਧਾਰਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ।
ਉਨਾਂ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਅਨਮੁੱਲਾ ਸਰਮਾਇਆ ਹਨ।
ਉਨਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਮਹਾਨ ਸ਼ਹੀਦਾਂ ਉਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਆਜਾਦ ਮੁਲਕ ਦੀ ਫਿਜਾ ਵਿੱਚ ਸਾਹ ਲੈ ਰਹੇ ਹਾਂ ਤਾਂ ਮਹਾਨ ਸ਼ਹੀਦਾਂ ਦੀ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਇਸ ਮੌਕੇ ਪੁਲਿਸ ਬੈਂਡ ਵੱਲੋਂ ਦੇਸ਼ ਭਗਤੀ ਦੀ ਧੁੰਨ ਵਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਇਸ ਮੌਕੇ ਦਫਤਰ ਡਿਪਟੀ ਕਮਿਸ਼ਨਰ ਸੁਪਰਡੰਟ ਸ਼੍ਰੀ ਅਸ਼ਨੀਲ ਕੁਮਾਰ, ਨਾਜ਼ਰ ਸੁਖਵਿੰਦਰ ਸਿੰਘ,ਸ਼੍ਰੀ ਗਿਆਨ ਕੁਮਾਰ, ਸ਼੍ਰੀ ਸੰਨੀ ਕੁਮਾਰ, ਮੈਡਮ ਮਾਲਾ ਚਾਵਲਾ, ਸਹਾਇਕ ਲੋਕ ਸੰਪਰਕ ਅਫਸਰ ਸ੍ਰੀ ਯੋਗੇਸ਼ ਕੁਮਾਰ,ਮੁੱਖ ਪੈਟਰਨ ਦੁਰਗਿਆਨਾ ਮੰਦਰ ਕਮੇਟੀ ਡਾ: ਰਾਕੇਸ਼ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਸੈਲਾਨੀ ਸ਼ਾਮਲ ਹੋਏ। ਹੋਰ ਅਧਿਕਾਰੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੀ ਫੋਟੋ ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਵਿੱਚ ਕੰਮ ਕਰਦੇ ਕਰਮਚਾਰੀ ਵੀ ਹਾਜ਼ਰ ਸਨ।